ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ
-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਘਰ ਦਾ ਵੀ ਕੀਤਾ ਦੌਰਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 25 ਫਰਵਰੀ,2025 - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਮਿਊਜ਼ੀਅਮ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ’ਤੇ ਆ ਕੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨਾਂ ਨੂੰ ਸ਼ਹੀਦ-ਏ-ਆਜ਼ਮ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿਚ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦਿੰਦਿਆਂ ਉਹ ਦਿਨ-ਰਾਤ ਇਕ ਕਰਕੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨਗੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ. ਡੀ. ਐਮ ਬੰਗਾ ਵਿਪਨ ਭੰਡਾਰੀ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।