ਕੋਰਟ ਵੱਲੋਂ ਦਿੱਲੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਫੈਸਲਾ ਸ਼ਲਾਗਾਯੋਗ : ਪ੍ਰੋਫੈਸਰ ਬਡੂੰਗਰ
ਪਟਿਆਲਾ, 25 ਫਰਵਰੀ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਾਨਯੋਗ ਅਦਾਲਤ ਵੱਲੋਂ ਦਿੱਲੀ 84 ਦੇ ਦੰਗਿਆਂ ਤੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ ਸੁਣਾਏ ਗਏ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਿਲ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਕਾਂਗਰਸ ਪਾਰਟੀ ਹੁਣ ਤੱਕ ਇਹਨਾਂ ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀ ਅਤੇ ਸਿੱਖ ਨਸਲ ਕੁਸ਼ੀ ਕਰਨ ਵਾਲਿਆਂ ਨੂੰ ਪੁਸ਼ਤ ਪਨਾਹੀ ਦਿੰਦੀ ਆਈ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਭ ਕੁਝ ਜਾਨਣ ਦੇ ਬਾਵਜੂਦ ਵੀ ਕੋਈ ਕਾਰਵਾਈ ਕਰਨ ਦੀ ਬਜਾਏ ਹਮੇਸ਼ਾ ਅਜਿਹੇ ਆਗੂਆਂ ਨੂੰ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਦੀ ਆਈ ਹੈ ਪ੍ਰੰਤੂ ਮਾਨਯੋਗ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਨਾਲ ਦਿੱਲੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਕੁਝ ਨਾ ਕੁਝ ਰਾਹਤ ਜਰੂਰ ਮਿਲੀ ਹੈ।
ਉਹਨਾਂ ਕਿਹਾ ਕਿ ਇਸ ਨਸਲਕੁਸ਼ੀ ਦੇ ਪੀੜਿਤ ਪਰਿਵਾਰਾਂ ਵੱਲੋਂ ਹਮੇਸ਼ਾ ਹੀ ਇਹ ਮੰਗ ਕੀਤੀ ਜਾ ਰਹੀ ਸੀ ਕਿ ਇਨਾ ਨਸਲਕੁਸ਼ੀ ਕਰਵਾਉਣ ਵਾਲਿਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਇਨ੍ਹਾਂ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਕਾਰਨ ਦਿੱਲੀ ਵਿੱਚੋਂ ਸਿੱਖਾਂ ਨੂੰ ਉਜੜਨ ਲਈ ਮਜਬੂਰ ਹੋਣਾ ਪਿਆ ਅਤੇ ਉਥੋਂ ਉੱਜੜ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਮੁੜ ਕਿਸ ਤਰ੍ਹਾਂ ਮਿਹਨਤ ਕਰਕੇ ਆਪਣੇ ਪੈਰਾਂ ਤੇ ਇਹ ਪਰਿਵਾਰ ਖੜੇ ਹੋਏ ਇਹ ਕੇਵਲ ਉਹੀ ਪਰਿਵਾਰ ਜਾਣ ਸਕਦੇ ਹਨ, ਪ੍ਰੰਤੂ ਕਾਂਗਰਸ ਨੇ ਇਹਨਾਂ ਪਰਿਵਾਰਾਂ ਦੀ ਬਾਂਹ ਫੜਨ ਦੀ ਬਜਾਏ ਹਮੇਸ਼ਾ ਇਹਨਾਂ ਦੋਸ਼ੀਆਂ ਨੂੰ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਜਿਸ ਨਾਲ ਸਿੱਖਾਂ ਦੇ ਹਮੇਸ਼ਾ ਜਖਮ ਹਰੇ ਬਣੇ ਰਹੇ ਤੇ ਹਿਰਦੇ ਵਲੂੰਦਰੇ ਰਹੇ ।