ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 26 ਫ਼ਰਵਰੀ 2025 - ਪੰਥ ਦੇ ਉੱਘੇ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਚਲਾਣੇ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਦੋ ਪੀੜ੍ਹੀਆਂ ਤੋਂ ਲਗਾਤਾਰ ਢਾਡੀ ਕਲਾ ਰਾਹੀਂ ਸਿੱਖੀ ਪ੍ਰਚਾਰ ਕਰ ਰਹੇ ਇਸ ਪਰਿਵਾਰ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।
ਗਿਆਨੀ ਦਿਲਬਰ ਨੇ ਦੇਸ਼ ਵਿਦੇਸ਼ ਅੰਦਰ ਕੌਮ ਦੀ ਚੜ੍ਹਦੀ ਕਲਾ ਵਾਸਤੇ ਵੱਡਾ ਯੋਗਦਾਨ ਪਾਇਆ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।