ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਠਿੰਡਾ ਨੇ ਨਸ਼ਾ ਛਡਾਊ ਕੇਂਦਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 26 ਫਰਵਰੀ 2025: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਿਵਲ ਹਸਪਤਾਲ ਅਤੇ 400 ਕਿੱਲੇ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਸਰਕਾਰੀ ਨਸ਼ਾ ਛੁੜਾਊ ਕੇਂਦਰ 'ਚ 50 ਬੈਡਾਂ ਦੀ ਕਪੈਸਿਟੀ ਹੈ ਉਸ ਨੂੰ ਵਧਾ ਕੇ 80 ਬੈੱਡਾਂ ਦੀ ਕਪੈਸਿਟੀ ਕੀਤੀ ਜਾਵੇਗੀ।
ਉਹਨਾਂ ਇਹ ਵੀ ਕਿਹਾ ਕਿ ਇਹਨਾਂ ਸੈਂਟਰਾਂ ਵਿੱਚ ਮੈਡੀਕਲ ਟੀਮਾਂ ਤੇ ਕੌਂਸਲਰਾਂ ਤੋਂ ਇਲਾਵਾ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਇੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਤਾ- ਪਿਤਾ ਨੂੰ ਪਤਾ ਲੱਗਦਾ ਹੈ ਕਿ ਉਹਨਾਂ ਦਾ ਬੱਚਾ ਕਿਸੇ ਗਲਤ ਰਾਹੇ ਪੈ ਰਿਹਾ ਹੈ ਤਾਂ ਉਹ ਇੱਥੇ ਡਾਕਟਰਾਂ ਨੂੰ ਸਮੇਂ- ਸਿਰ ਮਿਲਣ ਤਾਂ ਜੋ ਉਹਨਾਂ ਦਾ ਇਲਾਜ ਕੀਤਾ ਜਾ ਸਕੇ ਤੇ ਉਨਾਂ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ।
ਉਹਨਾਂ ਕਿਹਾ ਕਿ ਪਿੰਡਾਂ ਵਿੱਚ ਨਸ਼ਿਆਂ ਦੇ ਖਿਲਾਫ਼ ਕੈਂਪ ਲਗਾਉਣ ਦੇ ਨਾਲ-ਨਾਲ ਤੇ ਨੁੱਕੜ ਨਾਟਕ ਵੀ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਲਗਾਤਾਰ ਜਬਤ ਕੀਤਾ ਜਾ ਰਿਹਾ ਹੈ। ਐਸਐਸਪੀ ਨੇ ਇਹ ਵੀ ਕਿਹਾ ਕਿ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦੇ ਉੱਤੇ ਕਾਬੂ ਪਾਇਆ ਜਾ ਸਕੇ ਅਤੇ ਆਪਣੀ ਆਉਣ ਵਾਲੀ ਪੀੜੀ ਨੂੰ ਇਸ ਭੈੜੀ ਦਲਦਲ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਅਰੁਣ ਕੁਮਾਰ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਪੁਲਿਸ ਅਧਿਕਾਰੀ ਆਦਿ ਹਾਜ਼ਰ ਸਨ।