ਪੰਜਾਬ ਭਰ ਚ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ: ਕਾਮਰੇਡ ਅਜਮੇਰ ਸਿੰਘ
- ਆਦਿਵਾਸੀਆਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਦੇ ਨਾਂ ਹੇਠ ਕਤਲ ਕਰਨ ਅਤੇ ਜ਼ਬਰ ਦਾ ਨਿਸ਼ਾਨਾ ਬਣਾਉਣ ਦਾ ਦੋਸ਼
ਦਲਜੀਤ ਕੌਰ
ਚੰਡੀਗੜ੍ਹ/ਜਲੰਧਰ, 26 ਫਰਵਰੀ, 2025: ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ, ਇਨਕਲਾਬੀ ਕੇਂਦਰ ਪੰਜਾਬ ਅਤੇ ਆਰ.ਐਮ.ਪੀ.ਆਈ. ਵਲੋਂ ਸਾਂਝੇ ਤੌਰ ਉੱਤੇ 27 ਫ਼ਰਵਰੀ ਨੂੰ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁਜ਼ਾਹਰੇ ਕਰਨ ਉਪਰੰਤ ਮੁਜ਼ਾਹਰਾ ਕਰਦੇ ਹੋਏ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਜਾਵੇਗਾ।
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਮੁਜ਼ਾਹਰੇ ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਜੀਵਨ ਦੀ ਸੁਰੱਖਿਆ, ਜਲ, ਜੰਗਲ ਅਤੇ ਜ਼ਮੀਨ ਨੂੰ ਦੇਸੀ-ਵਿਦੇਸ਼ੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਅਤੇ ਹੋਰ ਲੋਕਾਂ ਦੇ ਪੁਲੀਸ ਮੁਕਾਬਲਿਆਂ ਦੇ ਨਾਂ ਹੇਠ ਕੀਤੇ ਜਾ ਰਹੇ ਕਤਲ ਅਤੇ ਹਰ ਕਿਸਮ ਦੇ ਜ਼ਬਰ ਦੇ ਵਿਰੋਧ ਵਜੋਂ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਅਤੇ ਜੰਗਲੀ ਖਿੱਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਅਤੇ ਸਾਮਰਾਜ ਦੇ ਹਵਾਲੇ ਕਰਨ ਲਈ ਆਦਿਵਾਸੀਆਂ ਨੂੰ ਜ਼ਬਰ ਦਾ ਨਿਸ਼ਾਨਾ ਬਣਾ ਕੇ ਉਜਾੜਿਆ ਜਿਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਦਹਿਸ਼ਤਜਦਾ ਕੀਤਾ ਜਾ ਰਿਹਾ ਹੈ। ਇਸ ਜਬਰ ਦਾ ਵਿਰੋਧ ਕਰ ਰਹੀਆਂ ਜੱਥੇਬੰਦੀਆਂ, ਪਾਰਟੀਆਂ, ਸਿਆਸੀ ਅਤੇ ਜਮਹੂਰੀ ਕਾਰਕੁੰਨ, ਪੱਤਰਕਾਰ ਲੇਖਕਾਂ ਨੂੰ ਵੀ ‘ਸ਼ਹਿਰੀ ਨਕਸਲੀ’ ਕਹਿ ਕੇ ਇਸ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਵਿੱਚ ਵਿਰੋਧ ਦੀ ਆਵਾਜ਼ ਉਠਾਉਣ ਅਤੇ ਸੰਘਰਸ਼ ਕਰ ਰਹੇ ਲੋਕਾਂ ਉੱਤੇ ਵੱਖ-ਵੱਖ ਢੰਗਾਂ ਰਾਹੀਂ ਦਬਾਉਣ ਦਾ ਹਰ ਹੀਲਾ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਇਨਕਲਾਬੀ ਅਤੇ ਜਮਹੂਰੀ ਪਾਰਟੀਆਂ, ਜੱਥੇਬੰਦੀਆਂ ਅਤੇ ਵਿਅਕਤੀਆਂ ਨੂੰ ਪੰਜਾਬ ਭਰ ’ਚ 27 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਵਿੱਚ ਵਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ ਕੀਤੀ।