ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਤੇਜ: ਐਸ.ਡੀ.ਐਮਜ਼ ਵਲੋਂ ਵੱਖ-ਵੱਖ ਸਬ ਡਵੀਜਨਾਂ ਵਿਚ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਜਾਂਚ
- ਡਿਪਟੀ ਕਮਿਸ਼ਨਰ ਵੱਲੋਂ ਪੀੜਤਾਂ ਨੂੰ ਰੋਜ਼ਗਾਰ ਬਿਊਰੋ ਰਾਹੀਂ ਸਵੈ ਰੁਜ਼ਗਾਰ ਸਥਾਪਿਤ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 27 ਫਰਵਰੀ 2025 - ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਤੇਜ ਕਰਦਿਆਂ ਜਿਲ੍ਹੇ ਭਰ ਵਿਚ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਜਾਂਚ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਚਾਰਾਂ ਸਬ ਡਵੀਜ਼ਨਾਂ ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਖੇ ਚੱਲ ਰਹੇ ਸਰਕਾਰੀ ਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਪੜਤਾਲ ਕੀਤੀ ਤੇ ਓਟ ਕਲੀਨਿਕਾਂ ਵਿਖੇ ਪੀੜ੍ਹਤਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੇ ਜਾਣ ਦਾ ਜਾਇਜ਼ਾ ਲਿਆ।
ਸ਼੍ਰੀ ਪੰਚਾਲ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਾ ਪੀੜ੍ਹਤਾਂ ਦੇ ਮੁੜ ਵਸੇਬੇ ਲਈ ਰੋਜ਼ਗਾਰ ਬਿਊਰੋ ਰਾਹੀਂ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਲੱਭਣ ਵਿਚ ਸਹਾਇਤਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ ਰੁਜ਼ਗਾਰ ਸਥਾਪਿਤ ਕਰਨ ਲਈ ਹੁਨਰਮੰਦ ਵੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਖੇ ਦਵਾਈਆਂ ਦੀ ਉਪਲਬਧਤਾ, ਮਨੋਵਿਗਿਆਨਕ ਮਾਹਿਰਾਂ ਰਾਹੀਂ ਕੌਸਲਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਸੁਲਤਾਨਪੁਰ ਲੋਧੀ ਵਿਖੇ ਐਸ.ਡੀ.ਐਮ. ਅਪਰਣਾ ਦੀ ਅਗਵਾਈ ਹੇਠ 2 ਮੁੜ ਵਸੇਬਾ ਕੇਂਦਰਾਂ, ਡਰੱਗ ਡੀ ਅਡਿਕਸ਼ਨ ਸੈਂਟਰ ਤੇ ਓਟ ਕਲੀਨਿਕ ਦਾ ਦੌਰਾ ਕਰਕੇ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀੜ੍ਹਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸੇ ਤਰ੍ਹਾਂ ਫਗਵਾੜਾ ਵਿਖੇ ਐਸ.ਡੀ.ਐਮ. ਜਸ਼ਨਜੀਤ ਸਿੰਘ ਦੀ ਅਗਵਾਈ ਵਿਚ ਨਸ਼ਾ ਛੁਡਾਊ ਕੇਂਦਰ ਦਾ ਜਾਇਜਾ ਲਿਆ ਗਿਆ।
ਭੁਲੱਥ ਤੇ ਬੇਗੋਵਾਲ ਦੇ ਸਰਕਾਰੀ ਹਸਪਤਾਲਾਂ ਵਿਖੇ ਚੱਲ ਰਹੇ ਓਟ ਕਲੀਨਿਕਾਂ ਦਾ ਐਸ.ਡੀ.ਐਮ. ਡੈਵੀ ਗੋਇਲ ਵਲੋਂ ਦੌਰਾ ਕਰਕੇ ਦਵਾਈਆਂ ਦੀ ਉਪਲਬਧਤਾ ਤੇ ਪੀੜ੍ਹਤਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ।