ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 27 ਫਰਵਰੀ,2025 - ਸਿਵਲ ਸਰਜਨ (ਵਾਧੂ ਚਾਰਜ) ਡਾ. ਬਲਬੀਰ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀਰਵਾਰ ਨੂੰ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਡਾ. ਬਲਬੀਰ ਕੁਮਾਰ ਨੇ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਫਰਵਰੀ ਮਹੀਨੇ ਵਿੱਚ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਪ੍ਰਗਤੀ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਮੂਹ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਬੱਚਿਆਂ ਨੂੰ ਉਮਰ ਦੇ ਹਿਸਾਬ ਨਾਲ ਵਿਟਾਮਿਨ-ਏ ਦੀਆਂ ਬਣਦੀਆਂ 9 ਸੰਪੂਰਨ ਖੁਰਾਕਾਂ ਸਮੇਂ-ਸਮੇਂ ਸਿਰ ਦੇਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 9 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਵਿਟਾਮਿਨ-ਏ ਦੀ ਖੁਰਾਕ ਲੈਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਨੇ ਕਿਹਾ ਕਿ ਵਿਟਾਮਿਨ-ਏ ਦੀ ਘਾਟ ਕਾਰਨ ਬੱਚੇ ਅਕਸਰ ਬਿਮਾਰ ਪੈਂਦੇ ਹਨ ਅਤੇ ਬਾਲ ਮੌਤ ਦਰ ਵੀ ਵੱਧ ਜਾਂਦੀ ਹੈ। ਵਿਟਾਮਿਨ-ਏ ਦੀ ਕਮੀ ਸਰੀਰ ਦੇ ਸਾਰੇ ਹਿੱਸਿਆਂ ਲਈ ਨੁਕਸਾਨਦੇਹ ਹੈ, ਪਰ ਇਸਦਾ ਪ੍ਰਭਾਵ ਸਿਰਫ ਅੱਖਾਂ 'ਤੇ ਹੀ ਜ਼ਿਆਦਾ ਦਿਖਾਈ ਦਿੰਦਾ ਹੈ। ਇਸ ਲਈ ਬਾਲ ਮੌਤ ਦਰ ਘਟਾਉਣ ਲਈ, ਪੰਜ ਸਾਲ ਤੱਕ ਦੇ ਬੱਚਿਆਂ ਨੂੰ ਵਿਟਾਮਿਨ-ਏ ਨੂੰ ਸੰਪੂਰਨ ਖੁਰਾਕ ਦੇਣਾ ਜ਼ਰੂਰੀ ਹੈ। ਵਿਟਾਮਿਨ-ਏ ਦੇ ਸੇਵਨ ਨਾਲ ਬੱਚਿਆਂ ਵਿਚ ਪ੍ਰਤੀਰੋਧਕ ਸ਼ਕਤੀ ਦਾ ਵਿਕਾਸ ਹੁੰਦਾ ਹੈ। ਵਿਟਾਮਿਨ-ਏ ਬੱਚਿਆਂ ਦੀ ਅੱਖਾਂ ਦੀ ਰੌਸ਼ਨੀ, ਰੋਗ ਪ੍ਰਤੀਰੋਧਕ ਸ਼ਕਤੀ ਅਤੇ ਤਵਚਾ ਲਈ ਲਾਭਦਾਇਕ ਹੈ। ਅੱਖਾਂ ਦੀ ਰੌਸ਼ਨੀ ਸਮੇਤ ਸਰੀਰ ਦੇ ਵੱਖ-ਵੱਖ ਅੰਗਾਂ ਜਿਵੇਂ ਕਿ ਵਾਲ, ਮਸੂੜੇ ਅਤੇ ਹੱਡੀਆਂ ਨੂੰ ਨਾਰਮਲ ਰੂਪ ਵਿੱਚ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।
ਇਸਦੇ ਨਾਲ ਹੀ ਉਨ੍ਹਾਂ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਦੀ ਜਲਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀਆਂ ਸਾਰੇ ਏ.ਐੱਨ.ਸੀ. ਸਮੇਂ ਸਿਰ ਮੁਕੰਮਲ ਹੋ ਸਕਣ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਸਨ ਸਪੈਸ਼ਲਿਸਟ ਦੁਆਰਾ "ਲਾਜ਼ਮੀ ਚੈੱਕਅਪ" ਕਰਵਾਉਣਾ ਯਕੀਨੀ ਬਣਾਇਆ ਜਾਏ। ਇਸ ਤੋਂ ਇਲਾਵਾ, ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਈ.ਸੀ.ਜੀ., ਐੱਲ.ਐੱਫ.ਟੀ., ਟੀ.ਐਫ.ਟੀ., ਜੀ.ਡੀ.ਐੱਮ. ਟੈਸਟ ਆਦਿ ਲਾਜ਼ਮੀ ਤੌਰ 'ਤੇ ਕਰਵਾਉਣੇ ਚਾਹੀਦੇ ਹਨ। ਗਰਭ ਅਵਸਥਾ ਦੌਰਾਨ ਇਹ ਜਾਂਚ ਗਰਭਵਤੀ ਔਰਤਾਂ ਦੀ ਕਿਸੇ ਵੀ ਮੈਡੀਕਲ ਸਥਿਤੀ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਮਦਦ ਕਰੇਗੀ, ਜਿਸ ਨਾਲ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਅਣਜੰਮੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਡਾ. ਕੁਮਾਰ ਨੇ ਮੀਟਿੰਗ ਵਿਚ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਬਣਦੇ ਟੀਚੇ ਮਿਥੇ ਸਮੇਂ ’ਚ ਪੂਰੇ ਕਰਨੇ ਸਾਡੀ ਜ਼ਿੰਮੇਵਾਰੀ ਹੈ, ਜਿਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਨੂੰ ਮਿੱਤਲ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸਿਆਮਾਵੇਦਾ ਦੇਵੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।