ਪੰਜਾਬ ਪੁਲਿਸ ਦੀ ਡਰੱਗ ਮਾਫੀਆ ਵਿਰੁੱਧ ਕਾਰਵਾਈ ਜਾਰੀ: ਪਟਿਆਲਾ ਅਤੇ ਰੂਪਨਗਰ ਵਿੱਚ ਨਸ਼ਾ ਤਸਕਰਾਂ ਦੇ ਦੋ ਹੋਰ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 27 ਫਰਵਰੀ 2025 - ਡਰੱਗ ਮਾਫੀਆ ‘ਤੇ ਨਕੇਲ ਕਸਦਿਆਂ, ਪੰਜਾਬ ਪੁਲਿਸ ਵੱਲੋਂ ਅੱਜ ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਘਰਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਅਮਲ ਵਿੱਚ ਲਿਆਂਦੀ ਗਈ ਹੈ।
ਪਟਿਆਲਾ ਵਿੱਚ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਪਟਿਆਲਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਬਦਨਾਮ ਅਤੇ ਆਦਤਨ ਨਸ਼ਾ ਤਸਕਰ ਰਿੰਕੀ ਵਾਸੀ ਰੋੜੀ ਕੁੱਟ ਮੁਹੱਲਾ, ਪਟਿਆਲਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਬਦਨਾਮ ਨਸ਼ਾ ਤਸਕਰ ਰਿੰਕੀ 'ਤੇ 2016 ਤੋਂ 2024 ਦਰਮਿਆਨ ਐਨਡੀਪੀਐਸ ਐਕਟ ਤਹਿਤ ਘੱਟੋ-ਘੱਟ 10 ਐਫਆਈਆਰ ਦਰਜ ਕੀਤੀਆਂ ਗਈਆਂ ਸਨ।
ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ ਨੂੰ ਢਾਹੁਣ ਦੇ ਦਿੱਤੇ ਗਏ ਹੁਕਮਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰ, ਜੋ ਕਿ ਗੈਰ-ਕਾਨੂੰਨੀ ਢੰਗ ਨਾਲ ਉਸਾਰਿਆਂ ਗਿਆ ਸੀ, ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ, ਰੂਪਨਗਰ ਵਿੱਚ, ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲ ਕੇ ਕਾਰਵਾਈ ਕਰਦਿਆਂ ਸਲੀਮ ਮੁਹੰਮਦ ਅਤੇ ਉਸਦੀ ਪਤਨੀ ਆਸ਼ਾ ਵਜੋਂ ਪਛਾਣੇ ਗਏ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰ ਦੀ ਇਮਾਰਤ ਨੂੰ ਢਾਹ ਦਿੱਤਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ।
ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਰੂਪਨਗਰ ਦੇ ਪਿੰਡ ਸਦਾਬਰਾਤ ਦੇ ਰਹਿਣ ਵਾਲੇ ਦੋਵੇਂ ਪਤੀ-ਪਤਨੀ ਨਸ਼ਾ ਤਸਕਰ ਹਨ ਅਤੇ ਉਹਨਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਤਿੰਨ-ਤਿੰਨ ਅਪਰਾਧਿਕ ਮਾਮਲਿਆਂ ਦਰਜ ਹਨ। ਦੋਵੇਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ ਪਤੀ-ਪਤਨੀ ਦੋਵਾਂ ਤੋਂ ਗਾਂਜਾ ਅਤੇ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਸੀ।
ਐਸਐਸਪੀ ਗੁਲਨੀਤ ਖੁਰਾਣਾ ਨੇ ਅੱਗੇ ਦੱਸਿਆ ਕਿ ਦੋਸ਼ੀ ਜੋੜੇ ਨੇ ਡਰੱਗ ਮਨੀ ਦੀ ਵਰਤੋਂ ਕਰਕੇ ਇੱਕ ਗੈਰ-ਕਾਨੂੰਨੀ ਘਰ ਬਣਾਇਆ ਸੀ, ਜਿਸ ਨੂੰ ਨਗਰ ਕੌਂਸਲ, ਰੂਪਨਗਰ ਨੇ ਪੁਲਿਸ ਦੀ ਮਦਦ ਨਾਲ ਢਾਹ ਦਿੱਤਾ।