ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਧਾਲੀਵਾਲ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ
- ਭ੍ਰਿਸ਼ਟਾਚਾਰੀਆਂ ਖਿਲਾਫ ਵੀ ਹੋਵੇਗੀ ਸਖਤ ਕਾਰਵਾਈ
ਅੰਮ੍ਰਿਤਸਰ, 28 ਫਰਵਰੀ 2025 - ਪੰਜਾਬ ਵਿੱਚ ਪੁਲਿਸ ਵੱਲੋਂ ਨਸ਼ੇ ਦੇ ਵਪਾਰੀਆਂ ਵਿਰੁੱਧ ਸ਼ੁਰੂ ਕੀਤੀ ਗਈ ਬੁਲਡੋਜ਼ਰ ਮੁਹਿੰਮ ਉੱਤੇ ਬੋਲਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਲਈ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਅਜਨਾਲਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਮਸਲੇ ਹੱਲ ਕਰਨ ਲਈ ਪਹੁੰਚੇ ਸਨ ਧਾਲੀਵਾਲ ਨੇ ਅਜਨਾਲਾ ਅਤੇ ਰਾਜਾਸਾਂਸੀ ਹਲਕੇ ਦੇ ਨਸ਼ਾ ਸੌਦਾਗਰਾਂ ਨੂੰ ਵੀ ਚੌਕਸ ਕਰਦੇ ਕਿਹਾ ਕਿ ਉਹ ਆਪ ਇਸ ਭੈੜੇ ਕੰਮ ਤੋਂ ਹਟ ਜਾਣ ਤਾਂ ਚੰਗਾ ਹੈ ਨਹੀਂ ਤਾਂ ਬੁਲਡੋਜ਼ਰ ਇੱਥੇ ਵੀ ਚੱਲਣਗੇ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਨਾਲ ਇਸੇ ਵਿਸ਼ੇ ਉੱਤੇ ਹੀ ਵਿਸ਼ੇਸ਼ ਮੀਟਿੰਗ ਕਰ ਰਹੇ ਹਨ, ਜਿਸ ਵਿੱਚ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ, ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ, ਕਿੰਨੀ ਵੀ ਪਹੁੰਚ ਰੱਖਦਾ ਹੋਵੇ, ਉਸ ਵਿਰੁੱਧ ਸਖਤ ਕਾਰਵਾਈ ਕਰ ਦਿੱਤੀ ਜਾਵੇ ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਹਰ ਹਾਲਤ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਲੋਕ ਜੋ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੀ ਜਵਾਨੀ ਦਾ ਘਾਣ ਕਰ ਰਹੇ ਹਨ, ਇਹ ਕਿਸੇ ਦੇ ਵੀ ਸਕੇ ਨਹੀਂ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਸ ਮਾਨ ਨੇ ਇਹ ਕਮਾਂਡ ਆਪਣੇ ਹੱਥ ਲੈ ਲਈ ਹੈ ਅਤੇ ਜੋ ਵੀ ਵਿਅਕਤੀ ਇਸ ਕੰਮ ਵਿੱਚ ਸ਼ਾਮਿਲ ਪਾਇਆ ਗਿਆ ਉਸ ਦਾ ਅੰਤ ਮਾੜਾ ਹੋਵੇਗਾ। ਭ੍ਰਿਸ਼ਟਾਚਾਰ ਬਾਰੇ ਪੁੱਛੇ ਜਾਣ ਉੱਤੇ ਵੀ ਸ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਭਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰਸ ਦੀ ਨੀਤੀ ਉੱਤੇ ਚੱਲ ਰਹੀ ਹੈ। ਹਾਲ ਹੀ ਵਿੱਚ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਯਕੀਨੀ ਹੋਵੇਗੀ।