ਧਾਮੀ ਨਾਲ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਮੁਲਾਕਾਤ
ਅੰਮ੍ਰਿਤਸਰ, 28 ਫਰਵਰੀ 2025 - ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਮੁੜ ਅਪੀਲ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਰਗੇ ਗੁਰਸਿੱਖ ਦੀ ਪੰਥ ਨੂੰ ਸ਼੍ਰੋਮਣੀ ਕਮੇਟੀ ਨੂੰ ਬੇਹੱਦ ਲੋੜ ਹੈ। ਉਨ੍ਹਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨ ਬਿਕਰਮ ਮਜੀਠੀਆ ਵੱਲੋਂ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ।