ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਪੱਕੇ ਮੋਰਚੇ ਲਈ ਲਾਮਬੰਦੀ
- ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ
- ਕਿਸਾਨ ਮਰਦ-ਔਰਤਾਂ ਦਾ ਵੱਡਾ ਕਾਫ਼ਲਾ ਟਰੈਕਟਰ ਟਰਾਲੀਆਂ ਰਾਹੀਂ 4 ਮਾਰਚ ਨੂੰ ਰਵਾਨਾ ਹੋਵੇਗਾ: ਕੁਲਵੰਤ ਭਦੌੜ
ਦਲਜੀਤ ਕੌਰ
ਬਰਨਾਲਾ, 28 ਫਰਵਰੀ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਐਸਕੇਐਮ ਦੇ ਸੱਦੇ ਤੇ 5 ਮਾਰਚ ਤੋਂ ਚੰਡੀਗੜ੍ਹ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਅੱਜ ਤਰਕਸ਼ੀਲ ਭਵਨ ਬਰਨਾਲਾ ਵਿਖੇ ਇਸ ਤਿਆਰੀ ਦੇ ਪ੍ਰਸੰਗ ਵਿੱਚ ਜ਼ਿਲ੍ਹਾ ਪੱਧਰੀ ਵੱਡਾ ਇਕੱਠ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਹ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ।
ਇਸ ਮੀਟਿੰਗ ਵਿੱਚ ਵਿਚਾਰੇ ਗਏ ਮਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਤਿੰਨੇ ਬਲਾਕਾਂ ਦੀਆਂ ਇਕਾਈਆਂ, ਪਿੰਡ ਇਕਾਈਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੂਬਾ ਪ੍ਰਧਾਨ ਮਨਜੀਤ ਧਨੇਰ, ਗੁਰਦੇਵ ਸਿੰਘ ਮਾਂਗੇਵਾਲ, ਬਲਵੰਤ ਸਿੰਘ ਉੱਪਲੀ ਸਮੇਤ ਔਰਤ ਵਿੰਗ ਦੀ ਆਗੂ ਅਮਰਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਭੇਜੇ ਗਏ। 'ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ' ਨੂੰ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਨਾਲ ਸਬੰਧਤ 12 ਮੰਗਾਂ ਦੇ ਚਾਰਟਰ ਨੂੰ ਲਾਗੂ ਕਰਵਾਉਣ ਲਈ 5 ਮਾਰਚ ਤੋਂ ਚੰਡੀਗੜ੍ਹ ਪੱਕਾ ਮੋਰਚਾ ਲੱਗ ਰਿਹਾ ਹੈ। ਪੰਜਾਬ ਸਰਕਾਰ ਨੂੰ ਸਾਂਝੇ ਸੰਘਰਸ਼ ਦੇ ਦਬਾਅ ਸਦਕਾ 'ਕੌਮੀ ਖੇਤੀ ਮੰਡੀਕਰਨ ਨੀਤੀ ਖਰੜਾ' ਵਿਧਾਨ ਸਭਾ ਦੇ ਸੈਸ਼ਨ ਵਿੱਚ ਰੱਦ ਕਰਨ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ ਪਰ ਖੇਤੀਬਾੜੀ ਨੀਤੀ ਜਾਰੀ ਕਰਨ ਸਮੇਤ ਪੰਜਾਬ ਦੇ ਕਿਸਾਨਾਂ ਦੀਆਂ 12 ਮੰਗਾਂ ਦਾ ਚਾਰਟਰ ਲਾਗੂ ਕਰਨ ਤੋਂ ਪੰਜਾਬ ਸਰਕਾਰ ਨੇ ਚੁੱਪ ਧਾਰੀ ਹੋਈ ਹੈ।
ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਹਰਮੰਡਲ ਸਿੰਘ ਜੋਧਪੁਰ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਾਬੂ ਸਿੰਘ ਖੁੱਡੀਕਲਾਂ,ਕਾਲਾ ਸਿੰਘ ਜੈਦ ਨੇ ਕਿਹਾ ਕਿ ਇਸ ਪੱਕੇ ਮੋਰਚੇ ਦੀ ਤਿਆਰੀ ਵਜੋਂ ਹਰ ਪਿੰਡ ਵਿੱਚੋਂ ਰਾਸ਼ਨ ਇਕੱਠਾ ਕਰਨ, ਹਰ ਪਿੰਡ ਵਿੱਚੋਂ ਘੱਟੋ ਘੱਟ ਦੋ ਟਰੈਕਟਰ ਟਰਾਲੀਆਂ ਤਿਆਰ ਕਰਨ ਦੀ ਮੁਹਿੰਮ, ਕਿਸਾਨ ਮਰਦ-ਔਰਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਲਈ ਘਰ-ਘਰ ਜਾਕੇ ਪ੍ਰੇਰਿਆ ਜਾਵੇ। ਆਪਣੀ ਗੱਲ ਜਾਰੀ ਰੱਖਦਿਆਂ ਆਗੂਆਂ ਸੰਦੀਪ ਸਿੰਘ ਚੀਮਾ, ਸਤਨਾਮ ਸਿੰਘ ਬਰਨਾਲਾ, ਅਮਨਦੀਪ ਸਿੰਘ ਭਦੌੜ, ਧੀਰਜ ਸਿੰਘ ਭਦੌੜ, ਸਤਨਾਮ ਸਿੰਘ ਮੂੰਮ, ਗੋਪਾਲ ਕ੍ਰਿਸ਼ਨ ਹਮੀਦੀ, ਹਰਪਾਲ ਸਿੰਘ ਹੰਢਿਆਇਆ, ਰਾਣਾ ਸਿੰਘ ਉੱਪਲੀ, ਬਲਵੰਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਕਿਸਾਨੀ ਦੀ ਨਿੱਘਰ ਰਹੀ ਆਰਥਿਕ ਹਾਲਤ ਲਈ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਕਿਸਾਨ/ਲੋਕ ਵਿਰੋਧੀ ਨੀਤੀਆਂ ਜ਼ਿੰਮੇਵਾਰ ਹਨ। ਇਸੇ ਕਰਕੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਹੋਈ ਇੱਕ ਲੱਖ ਤਿੰਨ ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਈ ਹੈ। ਇਸ ਵਾਸਤੇ ਵਿਸ਼ਾਲ ਸਾਂਝੇ ਸੰਘਰਸ਼ ਦੀ ਅਹਿਮ ਲੋੜ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਹਰ ਆਗੂ/ਵਰਕਰ ਨੂੰ ਪੂਰੀ ਤਨਦੇਹੀ ਨਾਲ ਇਸ ਪੱਕੇ ਮੋਰਚੇ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਦਾ ਸੱਦਾ ਦਿੱਤਾ।
ਇਸ ਸਮੇਂ ਸਾਰੇ ਆਗੂਆਂ ਨੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਮੀਟਿੰਗ ਨੇ ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਖਿਲਾਫ਼ ਆਮ ਆਦਮੀ ਪਾਰਟੀ ਦੇ ਰਾਮਪੁਰਾ ਹਲਕਾ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਦਰਜ਼ ਕਰਵਾਏ ਗਏ ਝੂਠੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਪ੍ਰੈੱਸ ਦੇ ਗਲਾ ਘੁੱਟਣ ਖਿਲਾਫ਼ ਉਲੀਕੇ ਜਾਣ ਵਾਲੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।