ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣ ਦੀ ਤਿਆਰੀ ਦਾ ਰੀਵਿਊ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 1 ਮਾਰਚ 2025 - ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ 2 ਮਾਰਚ 2025 ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਰੀਵਿਊ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਰਾਜਪਾਲ ਸਿੰਘ ਸੇਖੋਂ, ਐੱਸ.ਪੀ. ਸ੍ਰੀਮਤੀ ਜਸਵੰਤ ਕੌਰ, ਤਹਿਸੀਲਦਾਰ ਸ੍ਰੀ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਅਮਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਹਾਜ਼ਰ ਅਧਿਕਾਰੀਆਂ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ ਚੋਣ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਦੌਰਾਨ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਅਤੇ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਡਾ. ਸੇਨੂ ਦੁੱਗਲ ਨੇ ਕਿਹਾ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਸ਼ਾਂਤਮਈ ਤੇ ਆਜ਼ਾਦਾਨਾ ਮਹੌਲ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਜਾਂ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਵੱਲੋਂ ਪੋਲਿੰਗ ਸਟੇਸ਼ਨਾਂ ਉੱਪਰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ ਤਿਆਰੀ ਬਿਲਕੁਲ ਮੁਕੰਮਲ ਹੈ ਅਤੇ ਅੱਜ ਬਾਅਦ ਦੁਪਹਿਰ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਉੱਪਰ ਪਹੁੰਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ ਹਨ, ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 10 ਥਾਵਾਂ ਉੱਪਰ 13 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣ ਲਈ 13 ਪੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ ਜਦਕਿ 7 ਪੋਲਿੰਗ ਪਾਰਟੀਆਂ ਨੂੰ ਰਿਜ਼ਰਵ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਨੂੰ ਚਾਰ ਹਿੱਸਿਆਂ ਵਿੱਚ ਵੰਡ ਕੇ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣ ਵਿੱਚ 37 ਉਮੀਦਵਾਰ ਚੋਣ ਲੜ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2 ਮਾਰਚ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਸ਼ਾਮ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।