Breaking: CM ਮਾਨ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਬੇਸਿੱਟਾ- ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ -ਭਗਵੰਤ ਮਾਨ ਨੇ ਕੀਤੀ ਅਪੀਲ (ਵੀਡੀਓ ਵੀ ਵੇਖੋ)
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸ਼ਾ ਕਿਸਾਨਾਂ ਦੇ ਮੁੱਦੇ ਉਠਾਏ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਅਰਥਸ਼ਾਸਤਰੀਆਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨ ਦੁੱਖ ਝੱਲ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਮਿਹਨਤੀ ਕਿਸਾਨਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਮਜ਼ਬੂਤੀ ਨਾਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ।