ਅਕਾਲੀ ਸਿਆਸਤ ਨੂੰ ਮਜ਼ਬੂਤ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ: ਚੰਦੂਮਾਜਰਾ
ਪੰਜਾਬੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ
ਮਲਕੀਤ ਸਿੰਘ ਮਲਕਪੁਰ
ਲਾਲੜੂ 3 ਮਾਰਚ 2025: ਅਕਾਲੀ ਸਿਆਸਤ ਨੂੰ ਮਜ਼ਬੂਤ ਕਰਨ ਹਿੱਤ ਮੈਂਬਰਸ਼ਿਪ ਭਰਤੀ ਕਰਨ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਦੋ ਦਸੰਬਰ ਨੂੰ ਜਾਰੀ ਹੁਕਮਨਾਮੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਕਿਉਂਕਿ ਸਿੱਖ ਧਰਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਬ ਉੱਚ ਕੋਈ ਵੀ ਨਹੀਂ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲਾਲੜੂ ਖੇਤਰ ਦੇ ਇੱਕ ਵਿਆਹ ਵਿੱਚ ਸ਼ਿਰਕਤ ਕਰਨ ਉਪਰੰਤ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਸਮੇਂ ਸਿੱਖ ਭਾਈਚਾਰਾ ਇੱਕ ਖਲਾਅ ਮਹਿਸੂਸ ਕਰ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਧ ਹੀ ਸਿੱਖ ਭਾਈਚਾਰੇ ਨੂੰ ਸਿਆਸੀ ਤੇ ਧਾਰਮਿਕ ਤੌਰ ਉਤੇ ਮਜ਼ਬੂਤ ਕਰ ਸਕਦੀ ਹੈ, ਜਿਸ ਸਬੰਧੀ ਸਭਨਾ ਨੂੰ ਗੰਭੀਰਤਾ ਨਾਲ ਸੋਚਣਾ ਬਣਦਾ ਹੈ।
.jpg)
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਸਾਰੀਆਂ ਅਕਾਲੀ ਧਿਰਾਂ ਦੀ ਇਕੱਠੀ ਭਰਤੀ ਕਰਨ ਸਬੰਧੀ ਕਮੇਟੀ ਬਣਾ ਕੇ ਇੱਕ ਬਿਹਤਰੀਨ ਕਦਮ ਚੁੱਕਿਆ ਸੀ, ਪਰ ਕੁੱਝ ਧਿਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਤਵੱਜੋਂ ਹੀ ਨਹੀਂ ਦਿੱਤੀ, ਜੋ ਕਿ ਬੇਹੱਦ ਚਿੰਤਾਜਨਕ ਹੈ। ਪੰਜਾਬ ਸਰਕਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਉੱਤੇ "ਦੇਰ ਆਇਦ, ਦਰੁਸਤ ਆਇਦ " ਵਾਲੀ ਕਹਾਵਤ ਲਾਗੂ ਹੁੰਦੀ ਹੈ, ਪਰ ਹੁਣ ਵੀ ਡੁੱਲੇ ਬੇਰਾਂ ਦਾ ਕੁੱਝ ਨਹੀਂ ਵਿਗੜਿਆ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਨਿਰੰਤਰ ਕਦਮ ਚੁੱਕੇ ਜਾਣ ਤਾਂ ਇਸ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਦੋ-ਚਾਰ ਦਿਨ ਡਰਾਮੇਬਾਜ਼ੀ ਕਰਕੇ ਚੁੱਪ ਨਾ ਬੈਠੇ। ਕੇਂਦਰ ਸਰਕਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਮੁੱਢ ਤੋਂ ਹੀ ਪੰਜਾਬ ਅਤੇ ਕਿਸਾਨ ਵਿਰੋਧੀ ਹੈ। ਸਰਕਾਰ ਵੱਲੋਂ ਨਾ ਸਿਰਫ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਸਗੋਂ ਸਮੇਂ-ਸਮੇਂ ਉੱਤੇ ਪੰਜਾਬੀਆਂ ਨੂੰ ਨੀਵਾਂ ਵੀ ਵਿਖਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਜਾਗਰੂਕ ਰਹਿਣ ਦੀ ਅਪੀਲ ਵੀ ਕੀਤੀ।