ADC (ਜ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ 7000 ਹੈਕਟੇਅਰ ਰਕਬਾ ਕੱਢ ਕੇ ਮੱਕੀ ਹੇਠ ਲਿਆਂਦਾ ਜਾਵੇਗਾ - ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ
ਰੋਹਿਤ ਗੁਪਤਾ
ਗੁਰਦਾਸਪੁਰ, 04 ਮਾਰਚ 2025 ਖੇਤੀਬਾੜੀ ਅਤੇ ਸਬੰਧਿਤ ਵਿਭਾਗਾਂ ਦੁਆਰਾ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਡਾ. ਸੰਦੀਪ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਸਰਬਜੀਤ ਸਿੰਘ ਔਲਖ ਐਸੋਸੀਏਟ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਗੈਰ ਸਰਕਾਰੀ ਮੈਂਬਰ ਦਿਲਬਾਗ ਸਿੰਘ ਚੀਮਾ, ਪਲਵਿੰਦਰ ਸਿੰਘ, ਗੁਰਦਿਆਲ ਸਿੰਘ, ਕੰਵਲਜੀਤ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਾਲ 2024-25 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 199 ਦਰਜ ਕੀਤੀਆਂ ਗਈਆਂ ਸਨ ਜੋ ਸਾਲ 2023 ਦੇ ਮੁਕਾਬਲੇ ਕਰੀਬ 48 ਫ਼ੀਸਦੀ ਘੱਟ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਅੱਗ ਲਗਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਹੁਣ ਤੋਂ ਹੀ ਵਿਉਂਤਬੰਦੀ ਕਰ ਦਿੱਤੀ ਗਈ ਹੈ ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਹੀਨੇ ਫਰਵਰੀ ਦੌਰਾਨ ਪਿੰਡ ਪੱਧਰ ਤੇ 185 ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀਟ ਨਾਸ਼ਕਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਜਿੰਨਾ ਡੀਲਰਾਂ ਦੇ ਸੈਂਪਲ ਗੈਰ ਮਿਆਰੀ ਪਏ ਹੈ ਹਨ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇੱਕ ਸਾਲ ਖੇਤੀ ਸਮਗਰੀ ਵਿਕ੍ਰੇਤਾਵਾਂ ਲਈ ਖੇਤੀਬਾੜੀ ਪਸਾਰ ਸਰਵਿਸ ਵਿਚ ਡਿਪਲੋਮਾ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀਆਂ 40 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਬਿਨੈਪੱਤਰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਜਮਾਂ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ 7000 ਹੈਕਟੇਅਰ ਰਕਬਾ ਕੱਢ ਕੇ ਮੱਕੀ ਹੇਠ ਲਿਆਂਦਾ ਜਾਵੇਗਾ ਤਾਂ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਡਿਪਟੀ ਰਜਿਸਟਰਾਰ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਬਾਰੇ ਮੁਕੰਮਲ ਜਾਣਕਾਰੀ ਇੱਕ ਹਫ਼ਤੇ ਵਿੱਚ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਸ ਅਨੁਸਾਰ ਵਿਉਂਤਬੰਦੀ ਕੀਤੀ ਜਾ ਸਕੇ।ਇਸੇ ਤਰਾਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਨੂੰ ਵੀ ਹਦਾਇਤ ਕੀਤੀ ਕਿ ਆਲੂ ਅਤੇ ਮਟਰਾਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਅਤੇ ਕਿਸਾਨਾਂ ਬਾਰੇ ਮੁਕੰਮਲ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਪਿੰਡਾਂ ਵਿਚ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਬਾਗ਼ਬਾਨੀ ਵਿਭਾਗ ਨੂੰ ਅਪੀਲ ਕੀਤੀ ਕੇ ਸਬਜ਼ੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀਆਂ ਲਿਸਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗੀ ਮੁਖੀਆਂ ਨੇ ਕੀਤੀ ਗਈ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ । ਇਸ ਦੌਰਾਨ ਪ੍ਰੋਜੈਕਟ ਡਾਇਰੈਕਟਰ ਆਤਮਾ ਦੁਆਰਾ ਵਿੱਤੀ ਵਰ੍ਹੇ 2025-26 ਦੇ ਐਕਸ਼ਨ ਪਲਾਨ ਵਿਚਾਰਿਆ ਗਿਆ ਜਿਸ ਤੇ ਹਾਜ਼ਰ ਅਧਿਕਾਰੀਆਂ ਅਤੇ ਕਿਸਾਨਾਂ ਨੇ ਸਹਿਮਤੀ ਪ੍ਰਗਟਾਈ। ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ ਜੀ ਦੁਆਰਾ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪੋ ਆਪਣੇ ਟੀਚੇ ਹਰ ਹਾਲਤ ਵਿੱਚ ਮੁਕੰਮਲ ਕੀਤੇ ਜਾਣ ।