ਡਰੱਗ ਮਾਮਲਾ: ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ
ਰਵੀ ਜੱਖੂ
ਨਵੀਂ ਦਿੱਲੀ, 4 ਮਾਰਚ 2025 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ 17 ਮਾਰਚ, 2025 ਨੂੰ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਮੰਗਲਵਾਰ, 4 ਮਾਰਚ, 2025 ਨੂੰ ਸੁਪਰੀਮ ਕੋਰਟ ਦੀ ਇੱਕ ਬੈਂਚ ਨੇ ਸੁਣਾਇਆ।
ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਸਬੰਧੀ ਇੱਕ ਮਾਮਲੇ ਵਿੱਚ ਘਿਰੇ ਹੋਏ ਹਨ, ਜਿਸ ਵਿੱਚ ਉਨ੍ਹਾਂ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਆਰੋਪ ਲੱਗੇ ਸਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਆਦੇਸ਼ਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ 'ਤੇ SIT ਅੱਗੇ ਹਾਜ਼ਰ ਹੋਣਾ ਹੋਵੇਗਾ।
ਸੂਤਰਾਂ ਦੀ ਮੰਨੀਏ ਤਾਂ, ਸੁਣਵਾਈ ਦੌਰਾਨ ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਨੂੰ ਧਿਆਨ ਸੁਣਿਆ। ਬਚਾਅ ਪੱਖ ਨੇ ਦਾਅਵਾ ਕੀਤਾ ਸੀ ਕਿ ਇਹ ਮਾਮਲਾ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ, ਜਦਕਿ ਸਰਕਾਰੀ ਵਕੀਲ ਨੇ ਜ਼ੋਰ ਦੇ ਕੇ ਕਿਹਾ ਕਿ ਜਾਂਚ ਨੂੰ ਤਰਕਸੰਗਤ ਢੰਗ ਨਾਲ ਅੱਗੇ ਵਧਾਉਣ ਲਈ ਮਜੀਠੀਆ ਦੀ ਹਾਜ਼ਰੀ ਜ਼ਰੂਰੀ ਹੈ। ਅਦਾਲਤ ਨੇ ਸਰਕਾਰੀ ਪੱਖ ਦੀ ਦਲੀਲ ਨੂੰ ਸਵੀਕਾਰ ਕਰਦੇ ਹੋਏ ਇਹ ਆਦੇਸ਼ ਜਾਰੀ ਕੀਤਾ।
ਇਸ ਫੈਸਲੇ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ ਅਤੇ ਬਿਕਰਮ ਮਜੀਠੀਆ ਨਿਰਧਾਰਤ ਸਮੇਂ 'ਤੇ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ। ਇਹ ਮਾਮਲਾ ਪਿਛਲੇ ਕਈ ਸਾਲਾਂ ਤੋਂ ਸੁਰਖੀਆਂ ਵਿੱਚ ਰਿਹਾ ਹੈ।