ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ-ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 4 ਮਾਰਚ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੌਕੇ ਮੁਸ਼ਕਿਲਾਂ ਹੱਲ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਓ.ਟੀ.ਐਸ. ਸਕੀਮ ਉਦਯੋਗਪਤੀਆਂ ਨੂੰ ਜ਼ਮੀਨ ਦੀਆਂ ਵਧੀਆਂ ਕੀਮਤਾਂ ਅਤੇ ਮੂਲ ਅਦਾਇਗੀਆਂ ਵਿੱਚ ਦੇਰੀ ਨਾਲ ਸਬੰਧਤ ਉਦਯੋਗਿਕ ਵਿਵਾਦਾਂ ਦਾ ਨਿਬੇੜਾ ਕਰਨ ਵਿੱਚ ਸਹੂਲਤ ਦੇਵੇਗੀ, ਜਿਸ ਨਾਲ ਉਦਯੋਗਪਤੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਸ਼ਿਕਾਇਤਾਂ ਦਾ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਨਿਪਟਾਰਾ ਯਕੀਨੀ ਹੋਵੇਗਾ। ਪੰਜਾਬ ਭਰ ਦੇ ਲਗਪਗ 1145 ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਕਲੀਅਰ ਕਰ ਸਕਣਗੇ ਅਤੇ ਆਪਣੇ ਕਾਰੋਬਾਰਾਂ ਵਿੱਚ ਮੁੜ ਨਿਵੇਸ਼ ਕਰ ਸਕਣਗੇ। ਇਸ ਨਾਲ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ।
ਉਨਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀ ਸਨਅਤ ਪੱਖੀ ਸੂਬੇ ਵਜੋਂ ਦਿੱਖ ਹੋਰ ਵਧੀਆ ਹੋਵੇਗੀ, ਜਿਸ ਨਾਲ ਨਵਾਂ ਨਿਵੇਸ਼ ਆਏਗਾ ਅਤੇ ਕਾਰੋਬਾਰ ਦੀ ਤਰੱਕੀ ਲਈ ਸੁਖਾਵਾਂ ਮਾਹੌਲ ਬਣੇਗਾ। ਇਸ ਸਕੀਮ ਦੀ ਅੰਤਮ ਮਿਤੀ 31 ਦਸੰਬਰ 2025 ਹੈ ਤਾਂ ਜੋ ਡਿਫਾਲਟਰਾਂ ਨੂੰ ਆਪਣੇ ਬਕਾਏ ਦੇ ਭੁਗਤਾਨ ਲਈ ਚੋਖਾ ਸਮਾਂ ਮਿਲੇਗਾ। ਇਸ ਨਾਲ ਸੂਬਾ ਸਰਕਾਰ ਦੀ ਪੰਜਾਬ ਵਿੱਚ ਵਪਾਰ ਨੂੰ ਸਹਿਯੋਗ ਅਤੇ ਨੌਕਰੀ ਦੇ ਮੌਕੇ ਸਿਰਜਣ ਦੀ ਵਚਨਬੱਧਤਾ ਦੀ ਮੁੜ ਪੁਸ਼ਟੀ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਦੀ ਸਨਅਤ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਸਨਅਤਕਾਰਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।