ਨਸ਼ਾ ਤਸਕਰਾਂ ਵਾਸਤੇ ਪੰਜਾਬ ਵਿਚ ਕੋਈ ਥਾਂ ਨਹੀਂ : ਡਾ. ਬਲਬੀਰ ਸਿੰਘ
ਹਰਜਿੰਦਰ ਸਿੰਘ ਭੱਟੀ
- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਦੇ ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਪੁੱਜੇ ਸਿਹਤ ਮੰਤਰੀ
- ਨਸ਼ਾ ਪੀੜਤਾਂ ਦਾ ਇਲਾਜ ਤੇ ਹੱਥੀਂ ਹੁਨਰ ਸਿਖਾ ਕੇ ਮੁੜ-ਵਸੇਬਾ ਕੀਤਾ ਜਾਵੇਗਾ
- ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਹੋਵੇਗੀ
ਐੱਸ ਏ ਐੱਸ ਨਗਰ, 4 ਮਾਰਚ: 2025 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜੰਗੀ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ।
ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਮੁਖ਼ਾਤਿਬ ਹੁੰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਨਸ਼ੇ ਦੇ ਆਦੀ ਕਿੰਨੇ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਸਿਖਰਲੀ ਤਰਜੀਹ ਹੈ, ਜਿਸ ਵਾਸਤੇ ਆਮ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ। ਸਿਹਤ ਮੰਤਰੀ ਨੇ ਨਸ਼ਿਆਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਹੁਣ ਉਨ੍ਹਾਂ ਵਾਸਤੇ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਮਿਸਾਲੀ ਕਾਰਵਾਈ ਕਰਕੇ ਸਖ਼ਤ ਸੁਨੇਹਾ ਦਿਤਾ ਜਾ ਰਿਹਾ ਹੈ। ਉਨ੍ਹਾਂ। ਕਿਹਾ ਕਿ ਨਸ਼ਾ ਤਸਕਰਾਂ ਨੂੰ ਆਪਣਾ ਕਾਲਾ ਕਾਰੋਬਾਰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ, ਨਹੀਂ ਤਾਂ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣ ਵਾਸਤੇ ਤਿਆਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ’ਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਦੁਆਰਾ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੁਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ।
ਉਨ੍ਹਾਂ ਵਿਸ਼ੇਸ਼ ਤੌਰ ਤੇ ਸੂਬੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਵੀ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।
ਸਿਹਤ ਮੰਤਰੀ ਨੇ ਨਸ਼ਾ-ਛੁਡਾਊ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਹਮੇਸ਼ਾਂ ਲਈ ਨਿਕਲ ਜਾਣ ਵਾਸਤੇ ਪ੍ਰੇਰਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ, ਸਿਖਲਾਈ ਅਧੀਨ ਵਧੀਕ ਸਹਾਇਕ ਕਮਿਸ਼ਨਰ ਗੁਰਮੀਤ ਸਿੰਘ ਪੀ ਦੀ ਐਸ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।