ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਦੀ ਸਹਾਇਤਾ ਲਈ ਫੀਲਡ ਦਫ਼ਤਰ ਦਾ ਉਦਘਾਟਨ
• ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਰਕਾਰ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਬਣਾਏਗਾ ਨਵਾਂ ਦਫ਼ਤਰ
• ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਮਹਿੰਦਰ ਭਗਤ
ਜਲੰਧਰ, 4 ਮਾਰਚ 2025: ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਸਥਾਨਕ ਸੈਨਿਕ ਭਲਾਈ ਦਫ਼ਤਰ ਵਿਖੇ ਰੱਖਿਆ ਭਲਾਈ ਵਿਭਾਗ ਦੇ ਫੀਲਡ ਦਫ਼ਤਰ ਦਾ ਉਦਘਾਟਨ ਕੀਤਾ।
ਇਸ ਪਹਿਲਕਦਮੀ ਦਾ ਉਦੇਸ਼ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ, ਖਾਸ ਕਰ ਰੱਖਿਆ ਭਲਾਈ ਵਿਭਾਗ ਨਾਲ ਸਬੰਧਤ ਮਾਮਲਿਆਂ ਵਿੱਚ ਨਿਰਵਿਘਨ ਸਹਾਇਤਾ ਪ੍ਰਦਾਨ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਪੰਜਾਬ ਐਗਰੀ-ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਸਾਬਕਾ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਲਈ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਸਾਬਕਾ ਸੈਨਿਕਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਦੇ ਕੰਮਕਾਰ ਵਿੱਚ ਸਹਿਯੋਗ ਲਈ ਸਰਕਾਰ ਦੀ ਜ਼ਿੰਮੇਵਾਰੀ ’ਤੇ ਜ਼ੋਰ ਦਿੰਦਿਆਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਹਾਇਤਾ ਲਈ ਨਵੇਂ ਸਥਾਪਤ ਫੀਲਡ ਦਫ਼ਤਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਸ਼੍ਰੀ ਭਗਤ ਨੇ ਐਲਾਨ ਕੀਤਾ ਕਿ ਸਾਬਕਾ ਸੈਨਿਕਾਂ ਦੇ ਮੁੱਦੇ ਹੱਲ ਕਰਨ ਲਈ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਦਫ਼ਤਰ ਦਾ ਦੌਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੀਆਂ ਦਰਖਾਸਤਾਂ ਲਈ ਸੁਚਾਰੂ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੌਜੂਦ ਰਹਿਣਗੇ, ਜਿਸ ਸਦਕਾ ਉਨ੍ਹਾਂ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਸਦਕਾ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਅੰਮ੍ਰਿਤਸਰ ਅਤੇ ਇੱਥੋਂ ਤੱਕ ਕਿ ਮਾਲਵਾ ਖੇਤਰ ਦੇ ਸਾਬਕਾ ਸੈਨਿਕਾਂ ਨੂੰ ਵੀ ਲਾਭ ਮਿਲੇਗਾ।
ਪੰਜਾਬ ਸਰਕਾਰ ਦੀਆਂ ਸੈਨਿਕ ਪੱਖੀ ਪਹਿਲਕਦਮੀਆਂ ’ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਸ਼ਹੀਦਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਾ ਭਰੋਸਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੇਸ਼ ਦੀ ਸੇਵਾ ਕਰਨ ਵਾਲਿਆਂ ਨੂੰ ਸਨਮਾਨ ਅਤੇ ਸੁਵਿਧਾ ਦੇਣ ਦੀ ਰਾਜ ਸਰਕਾਰ ਦੀ ਵਚਨਬੱਧਤਾ ਦੁਹਰਾਈ।