ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਦੀ ਸ਼ਾਨਦਾਰ ਸਫਲਤਾ, ਲੋਕਾਂ ਦਾ ਵੀ ਮਿਲ ਰਿਹਾ ਹੈ ਭਰਪੂਰ ਸਮਰਥਨ - ਅਮਨ ਅਰੋੜਾ
- 1 ਮਾਰਚ ਤੋਂ 4 ਮਾਰਚ ਤੱਕ, ਪੁਲਿਸ ਨੇ ਐਨਡੀਪੀਐਸ ਦੇ ਤਹਿਤ 580 ਐਫਆਈਆਰ ਦਰਜ ਕੀਤੀਆਂ, 789 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ - ਅਮਨ ਅਰੋੜਾ
- 74 ਕਿਲੋ ਹੈਰੋਇਨ, 19.5 ਕਿਲੋ ਅਫੀਮ ਅਤੇ 77 ਕਿਲੋ ਸਿੰਥੈਟਿਕ ਡਰੱਗ ਕੀਤੀ ਗਈ ਜ਼ਬਤ - ਅਰੋੜਾ
- ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਵੀ ਕੀਤੀ ਵੱਡੀ ਕਾਰਵਾਈ, ਸਿਰਫ ਅੰਮ੍ਰਿਤਸਰ, ਮੋਗਾ, ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ 61 ਐਫਆਈਆਰ ਦਰਜ - ਅਰੋੜਾ
- ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਅਤੇ ਨਸ਼ਾ ਤਸਕਰੀ ਨਾਲ ਸਬੰਧਤ 60 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ, ਇਨ੍ਹਾਂ ਲੋਕਾਂ ਨੇ ਨਾਜਾਇਜ਼ ਕਾਰੋਬਾਰ ਅਤੇ ਨਸ਼ਾ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਸੀ - ਅਰੋੜਾ
- ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦਿਆਂ ਸਨ, 'ਆਪ' ਸਰਕਾਰ ਇਹਨਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ, ਕੋਈ ਵੀ ਇਸ ਮੁਹਿੰਮ ਨੂੰ ਰੋਕਣ ਦੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਅਸੀਂ ਪੰਜਾਬ 'ਚੋਂ ਨਸ਼ਾ ਖਤਮ ਕਰ ਕੇ ਰਹਾਂਗੇ - ਅਰੋੜਾ
- ਅਰੋੜਾ ਨੇ ਕਾਂਗਰਸ ਪਾਰਟੀ ਦੀ ਕੀਤੀ ਆਲੋਚਨਾ, ਕਿਹਾ- ਉਹ ਇਸ ਮੁਹਿੰਮ ਨੂੰ ਰੋਕਣ ਦੀ ਸਾਜਿਸ਼ ਰਚ ਰਹੀ ਹੈ
ਚੰਡੀਗੜ੍ਹ, 5 ਮਾਰਚ 2025 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁਧ' ਦੀ ਸਫਲਤਾ ਬਾਰੇ ਦੱਸਿਆ ਅਤੇ ਇਸ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮੀਡੀਆ ਨਾਲ ਸਾਂਝੀਆਂ ਕੀਤੀਆਂ।
ਬੁੱਧਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਬਹੁਤ ਵੱਡੀ ਸਫਲਤਾ ਮਿਲੀ ਹੈ ਅਤੇ ਆਮ ਲੋਕਾਂ ਵੱਲੋਂ ਇਸ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਸ ਲਈ ਲੋਕ ਇਸ ਮੁਹਿੰਮ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ।
ਇਸ ਮੁਹਿੰਮ ਸਬੰਧੀ ਸਾਰੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ 1 ਮਾਰਚ ਤੋਂ ਸ਼ੁਰੂ ਹੋਈ ਸੀ ਅਤੇ ਸਿਰਫ਼ ਚਾਰ ਦਿਨਾਂ ਵਿੱਚ ਭਾਵ 4 ਮਾਰਚ ਤੱਕ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 580 ਐਫਆਈਆਰ ਦਰਜ ਕੀਤੀਆਂ ਹਨ ਅਤੇ 789 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰੀਬ 74 ਕਿਲੋ ਹੈਰੋਇਨ, 19.5 ਕਿਲੋ ਅਫੀਮ ਅਤੇ 77 ਕਿਲੋ ਸਿੰਥੈਟਿਕ ਡਰੱਗ ਜ਼ਬਤ ਕੀਤੀ ਗਈ ਹੈ। ਕੁੱਲ ਮਿਲਾ ਕੇ ਚਾਰ ਦਿਨਾਂ ਵਿੱਚ ਕਰੀਬ 170 ਕਿੱਲੋ ਨਸ਼ਾ ਬਰਾਮਦ ਕੀਤਾ ਗਿਆ ਹੈ।
ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਦੱਸਦਿਆਂ ਅਰੋੜਾ ਨੇ ਦੱਸਿਆ ਕਿ 25 ਫਰਵਰੀ ਤੋਂ 1 ਮਾਰਚ ਤੱਕ ਪੰਜਾਬ ਪੁਲਿਸ ਨੇ ਇਕੱਲੇ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਮੋਗਾ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ 61 ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਇਸ ਦੇ ਨਾਲ ਹੀ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਉਸਾਰੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ 60 ਦੇ ਕਰੀਬ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ। ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ। 'ਆਪ' ਸਰਕਾਰ ਇਸ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ, ਇਸ ਲਈ ਕਈ ਲੋਕ ਇਸਦਾ ਵਿਰੋਧ ਕਰ ਰਹੇ ਹਨ ਪਰ ਉਹ ਸਫਲ ਨਹੀਂ ਹੋਣਗੇ
ਅਰੋੜਾ ਨੇ ਕਿਹਾ ਕਿ ਹੁਣ ਸਮਾਂ ਬਦਲ ਗਿਆ ਹੈ। ਨਸ਼ੇ ਦੇ ਪੈਸੇ ਨਾਲ ਕੋਈ ਵੀ ਵੱਡੀ ਜਾਇਦਾਦ ਨਹੀਂ ਬਣਾ ਸਕਦਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਚ ਭਿਆਨਕ ਡਰ ਪੈਦਾ ਹੋ ਗਿਆ ਹੈ, ਜਿਸ ਦੇ ਨਤੀਜੇ ਕਈ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਹੇ ਹਨ। ਅਰੋੜਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਦਿੱਤੀ ਗਈ ਸੀ ਜਿਸ ਕਾਰਨ ਇਨ੍ਹਾਂ ਨੇ ਇੰਨੀ ਵੱਡੀ ਦੌਲਤ ਹਾਸਲ ਕੀਤੀ ਹੈ।
ਅਰੋੜਾ ਨੇ ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਵਾਈ ਖ਼ਿਲਾਫ਼ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ਵਾਲੀ ਸੰਸਥਾ ਦੇ ਸੰਚਾਲਕ ਕਾਂਗਰਸੀ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨਸ਼ਾ ਤਸਕਰਾਂ ਨੂੰ ਸਰਕਾਰੀ ਸੁਰੱਖਿਆ ਦਿੰਦੀ ਸੀ, ਇਸ ਲਈ ਉਹ ਨਹੀਂ ਚਾਹੁੰਦੇ ਕਿ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ।
ਨਸ਼ਿਆਂ ਦੇ ਖਾਤਮੇ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਰੋੜਾ ਨੇ ਕਿਹਾ ਕਿ ਚਾਹੇ ਕੋਈ ਵੀ ਪਾਰਟੀ ਜਾਂ ਵਿਅਕਤੀ ਇਸ ਮੁਹਿੰਮ ਵਿਰੁੱਧ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਇਹ ਮੁਹਿੰਮ ਜਾਰੀ ਰਹੇਗੀ ਅਤੇ 'ਆਪ' ਦੀ ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰੇ ਕੇ ਰਹੇਗੀ।