ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਪਵਿੱਤਰ ਚੌੜਾ ਨੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਕੀਤਾ ਸੀ ਹਥਿਆਰਾਂ ਦੀ ਖੇਪ ਦਾ ਪ੍ਰਬੰਧ: ਡੀਜੀਪੀ ਗੌਰਵ ਯਾਦਵ
— ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਹੈ ਅਪਰਾਧਿਕ ਪਿਛੋਕੜ : ਏ.ਆਈ.ਜੀ. ਸੀ.ਆਈ. ਸੁਖਮਿੰਦਰ ਮਾਨ
ਚੰਡੀਗੜ੍ਹ/ਪਠਾਨਕੋਟ, 6 ਮਾਰਚ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੰਵਲਪ੍ਰੀਤ ਸਿੰਘ ਉਰਫ਼ ਕੰਵਰ, ਜੋ ਕਿ ਬਟਾਲਾ ਦੇ ਪਿੰਡ ਬੁੱਟਰ ਕਲਾਂ ਦਾ ਰਹਿਣ ਵਾਲਾ ਹੈ ਅਤੇ ਰਣਜੀਤ ਸਿੰਘ, ਜੋ ਕਿ ਗੁਰਦਾਸਪੁਰ ਦੇ ਭੈਣੀ ਬਾਂਗਰ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ .32 ਬੋਰ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 39 ਕਾਰਤੂਸ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਮੁਲਜ਼ਮ ਕੰਵਲਪ੍ਰੀਤ ਅਮਰੀਕਾ ਸਥਿਤ ਗੈਂਗਸਟਰ ਪਵਿੱਤਰ ਸਿੰਘ ਚੌੜਾ, ਜੋ ਕਿ ਬਟਾਲਾ ਦੇ ਪਿੰਡ ਚੌੜਾ ਦਾ ਰਹਿਣ ਵਾਲਾ ਹੈ, ਦੇ ਸੰਪਰਕ ਵਿੱਚ ਸੀ ਅਤੇ ਉਸਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗੈਂਗਸਟਰ ਪਵਿੱਤਰ ਚੌੜਾ ਨੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕੀਤਾ ਸੀ ਤਾਂ ਜੋ ਇਹਨਾਂ ਹਥਿਆਰਾਂ ਨਾਲ ਸਰਹੱਦੀ ਸੂਬੇ ਵਿੱਚ ਮਿਹਨਤ ਨਾਲ ਸਥਾਪਿਕ ਕੀਤੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਈ ਜਾ ਸਕੇ।
ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੇ ਗਏ ਹੋਰ ਅਪਰਾਧਾਂ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਏ.ਆਈ.ਜੀ. ਸੀ.ਆਈ. ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਖੁਫੀਆ ਇਤਲਾਹ ਮਿਲੀ ਸੀ ਕਿ ਗੈਂਗਸਟਰ ਪਵਿੱਤਰ ਚੌੜਾ ਦੇ ਦੋ ਕਾਰਕੁਨਾਂ ਨੇ ਹਥਿਆਰਾਂ ਦੀ ਖੇਪ ਹਾਸਲ ਕੀਤੀ ਹੈ। ਇਸ ’ਤੇ, ਸੀ.ਆਈ. ਪਠਾਨਕੋਟ ਦੀਆਂ ਪੁਲਿਸ ਟੀਮਾਂ ਨੇ ਇੱਕ ਖੁਫ਼ੀਆ ਕਾਰਵਾਈ ਸ਼ੁਰੂ ਕੀਤੀ ਅਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਖੇਤਰ ਤੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ । ਜ਼ਿਕਰਯੋਗ ਹੈ ਕਿ ਮੁਲਜ਼ਮ ਕੰਵਲਪ੍ਰੀਤ ਸਿੰਘ ਨੂੰ ਇਰਾਦਾ ਕਤਲ , ਅਪਰਾਧਿਕ ਘੁਸਪੈਠ ਸਮੇਤ ਨੁਕਸਾਨ ਪਹੁੰਚਾਉਣ ਸਬੰਧੀ ਤਿੰਨ ਅਪਰਾਧਿਕ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ 10 ਦਸੰਬਰ, 2024 ਨੂੰ ਗੁਰਦਾਸਪੁਰ ਜੇਲ੍ਹ ਤੋਂ ਰਿਹਾਅ ਹੋਣ ਪਿੱਛੋਂ ਮੁਲਜ਼ਮ ਕੰਵਲਪ੍ਰੀਤ ਫਿਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ ਅਤੇ ਉਸ ਵਿਰੁੱਧ ਗੋਲੀਬਾਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ , ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਘਰ ਦੇ ਮਾਲਕ ਨੂੰ ਮਾਰਨ ਦੇ ਇਰਾਦੇ ਨਾਲ ਇੱਕ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ।
ਏ.ਆਈ.ਜੀ. ਨੇ ਕਿਹਾ ਕਿ ਇਸੇ ਤਰ੍ਹਾਂ, ਮੁਲਜ਼ਮ ਰਣਜੀਤ ਸਿੰਘ ਵੀ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦਰਜ ਅਸਲਾ ਐਕਟ ਤਹਿਤ ਇੱਕ ਮਾਮਲੇ ਵਿੱਚ ਸ਼ਾਮਲ ਹੈ।
ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 12 ਮਿਤੀ 05.03.2025 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਦਰਜ ਕੀਤਾ ਗਿਆ ਹੈ।