ਠੇਕਾ ਮੁਲਾਜ਼ਮਾਂ ਨੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਖਿਲਾਫ ਫੂਕਿਆ ਪੁਤਲਾ
ਅਸ਼ੋਕ ਵਰਮਾ
ਬਠਿੰਡਾ 6 ਮਾਰਚ 2025: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਕਿਸਾਨ ਆਗੂਆਂ ਦੀ ਗਿਰਫ਼ਤਾਰੀ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।ਇਸ ਸਮੇਂ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ, ਨਾਇਬ ਸਿੰਘ ਲਹਿਰਾ,ਕ੍ਰਿਸ਼ਨ ਕੁਮਾਰ ਆਦਿ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋੰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫ਼ੇ ਦੀ ਲੋੜ ਨੂੰ ਮੁੱਖ ਰੱਖਕੇ ਸੰਸਾਰੀਕਰਨ,ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਇਹ ਦਮਨ ਚੱਕਰ ਚਲਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸੇ ਨੀਤੀ ਤਹਿਤ ਸਰਕਾਰੀ ਵਿਭਾਗਾਂ ਅਤੇ ਮੰਡੀਆਂ ਦਾ ਨਿੱਜੀਕਰਨ ਕਰਕੇ ਘੱਟੋ ਘੱਟ ਸਮਰਥਨ ਮੁੱਲ ਅਤੇ ਘੱਟੋਘੱਟ ਤਨਖਾਹ ਦੀ ਨੀਤੀ ਰੱਦ ਕਰਨ ਦਾ ਰਾਹ ਫੜਿਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ-ਮਜ਼ਦੂਰਾਂ-ਠੇਕਾ ਮੁਲਾਜ਼ਮਾਂ ਦੀ ਅੰਨ੍ਹੀ ਲੁੱਟ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ,ਕੰਮ ਦਿਹਾੜੀ ਵਿੱਚ ਵਾਧੇ ਰਾਹੀਂ ਅਤੇ ਕਿਰਤੀ ਲੋਕਾਂ ਵੱਲੋੰ ਖੂਨ ਬਹਾਕੇ ਹਾਸਿਲ ਕੀਤੇ ਟਰੇਡ ਯੂਨੀਅਨ ਦੇ ਅਧਿਕਾਰਾਂ ਦੀ ਕੱਟ-ਵੱਢ ਕਰਕੇ ਸੰਘਰਸ਼ ਕਰਨ ਦੇ ਹੱਕ ਦਾ ਭੋਗ ਪਾ ਦਿੱਤਾ ਗਿਆ ਹੈ।ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵੱਲੋੰ ਜੋ ਸਾਂਝੀਆਂ ਮੰਗਾਂ ਨੂੰ ਲੈਕੇ ਜੋ ਸਾਂਝਾ ਸੰਘਰਸ਼ ਵਿੱਢਿਆ ਹੋਇਆ ਹੈ ਇਹ ਸਿਰਫ ਕਿਸਾਨ ਅਤੇ ਮਜ਼ਦੂਰ ਹਿਤਾਂ ਦੀ ਰਾਖੀ ਤੱਕ ਸੀਮਤ ਨਹੀਂ ਸਗੋਂ ਇਹ ਦੇਸ਼ ਦੇ ਸਮੂਹ ਮਿਹਨਤਕਸ਼ ਲੋਕਾਂ ਦੇ ਖ਼ਤਰੇ ਮੂੰਹ ਆਏ ਹਿਤਾਂ ਦੀ ਰਾਖੀ ਲਈ ਹੈ।ਇਸ ਤੋਂ ਵੀ ਅੱਗੇ ਇਸਨੇ ਸਮੂਹ ਮਿਹਨਤਕਸ਼ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਡੇਰੀ ਸਾਂਝ ਦੀ ਬੁਨਿਆਦ ਬਣਕੇ ਸਰਕਾਰ ਨੂੰ ਸਮੂਹ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਮਜਬੂਰ ਕਰਨਾ ਹੈ।
ਆਗੂਆਂ ਨੇ ਮੰਗ ਕੀਤੀ ਸਰਕਾਰਾਂ ਸਾਮਰਾਜੀ ਸੇਵਾ ਦਾ ਰਾਹ ਛੱਡਕੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰਨ,ਸਾਮਰਾਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀ ਅਤੇ ਸਨਅਤੀ ਨੀਤੀ ਵਿੱਚ ਕੀਤੀ ਬੇਲੋੜੀ ਗਈ ਤਬਦੀਲੀ ਨੂੰ ਰੱਦ ਕਰਕੇ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਹਿੱਤਾਂ ਨੂੰ ਰਾਸ ਬੈਠਦੀ ਨਵੀਂ ਖੇਤੀ ਅਤੇ ਸਨਅਤੀ ਨੀਤੀ ਤਹਿ ਕਰਨ ਦੇ ਨਾਲ-ਨਾਲ ਐਸ.ਕੇ.ਐਮ.ਦੇ ਮੰਗ ਪੱਤਰ ਵਿੱਚ ਦਰਜ਼ ਹੋਰ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕਰਨ।