ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੱਡਾ ਐਲਾਨ: ਕਿਹਾ 10 ਮਾਰਚ ਨੂੰ ਨਵੇਂ ਜਥੇਦਾਰ ਦੀ ਨਹੀਂ ਹੋਣ ਦਿੱਤੀ ਜਾਵੇਗੀ ਦਸਤਾਰਬੰਦੀ
- ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ
- 'ਕੱਲ੍ਹ ਵਹੀਰਾਂ ਘੱਤ ਕੇ ਪਹੁੰਚੋ, ਸੇਵਾ ਸੰਭਾਲ ਸਮਾਗਮ ਨਹੀਂ ਹੋਣ ਦਿਆਂਗੇ' -ਨਿਹੰਗ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 9 ਮਾਰਚ 2025 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਾਮਜ਼ਦ ਕੀਤੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੱਲ੍ਹ 10 ਮਾਰਚ ਨੂੰ ਅਪਣੀ ਸੇਵਾ ਸੰਭਾਲਣਗੇ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਇਧਰ, ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਜਥੇਬੰਦੀਆਂ ਨੇ ਸਾਫ ਆਖ ਦਿੱਤਾ ਹੈ ਕਿ ਕੱਲ੍ਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਜੇਕਰ ਫੈਸਲਾ ਵਾਪਸ ਨਾਲ ਲਿਆ ਤਾਂ ਵੱਡੀ ਮੁਹਿੰਮ ਵਿੱਢੀ ਜਾਵੇਗੀ। ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ ਜੀ ੯੬ ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਸਹਿਮਤੀ ਬਣੀ ਹੈ ਕਿ ਕੱਲ੍ਹ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗਲਤੀ ਉਤੇ ਗਲਤੀ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।