"ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ" ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ ਸੰਪੰਨ
ਸ਼੍ਰੀ ਕੀਰਤਪੁਰ ਸਾਹਿਬ:-10 ਮਾਰਚ 2025
- ਸ਼੍ਰੀ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਵਿਚ ਆਸ਼ਾ ਵਰਕਰਾਂ ਲਈ "ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ" ਵਿਸ਼ੇ 'ਤੇ 5 ਮਾਰਚ ਨੂੰ ਸ਼ੁਰੂ ਹੋਇਆ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸੰਪੰਨ ਹੋ ਗਿਆ।
ਸੀਨੀਅਰ ਮੈਡੀਕਲ ਅਫ਼ਸਰ ਡਾ: ਦਲਜੀਤ ਕੌਰ ਨੇ ਦੱਸਿਆ ਕਿ ਰੂਪਨਗਰ ਦੇ ਸਿਵਲ ਸਰਜਨ ਡਾ. ਤਰਸੇਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਪ੍ਰੋਗਰਾਮ ਆਸ਼ਾ ਵਰਕਰਾਂ ਨੂੰ ਬਜ਼ੁਰਗਾਂ ਦੀ ਦੇਖਭਾਲ, ਇਲਾਜ ਅਤੇ ਉਹਨਾਂ ਦੀ ਮਾਨਸਿਕ ਸਿਹਤ ਬਾਰੇ ਸਿੱਖਿਅਤ ਕਰਕੇ ਬੁਢਾਪੇ 'ਚ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਆਸ਼ਾ ਵਰਕਰਾਂ ਅਤੇ ਆਸ਼ਾ ਫ਼ੈਸਿਲੀਟੇਟਰ ਦੀ ਸਮਝ ਅਤੇ ਯੋਗਤਾ ਵਿਚ ਵਾਧਾ ਕਰਨ 'ਤੇ ਕੇਂਦਰਿਤ ਰਿਹਾ ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੀਆਂ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਨੂੰ ਵਧੇਰੇ ਬਾਰੀਕੀ ਨਾਲ ਸਮਝ ਸਕਣ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀ ਮਦਦ ਮੁੱਹਈਆ ਕਰਵਾਈ ਜਾ ਸਕੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਕੌਰ ਨੇ ਕਿਹਾ ਕਿ ਅਕਸਰ ਤਣਾਅ ਅਤੇ ਉਦਾਸੀ ਨੂੰ ਬਿਮਾਰੀ ਨਹੀਂ ਮੰਨਿਆ ਜਾਂਦਾ ਜਦਕਿ ਉਦਾਸੀ ਵਰਗੀ ਸਮੱਸਿਆ ਨੂੰ ਸਵੀਕਾਰਨਾ ਅਤੇ ਉਸ ਦਾ ਹੱਲ ਲੱਭਣਾ ਲੁਕਾਉਣ ਵਾਲੀ ਗੱਲ ਨਹੀਂ। ਉਹਨਾਂ ਕਿਹਾ ਕਿ ਜੇ ਅਸੀਂ ਸਹੀ ਸਮੇਂ 'ਤੇ ਮਾਨਸਿਕ ਸਿਹਤ ਵਿੱਚ ਆਏ ਬਦਲਾਅ ਨੂੰ ਨਜ਼ਰਅੰਦਾਜ਼ ਕਰਕੇ ਲੋੜੀਂਦੀ ਸਹਾਇਤਾ ਲੈਣ ਤੋਂ ਪਰਹੇਜ਼ ਕਰਦੇ ਹਾਂ, ਤਾਂ ਇਹ ਸਾਡੀ ਮਾਨਸਿਕ ਸਿਹਤ 'ਤੇ ਡੂੰਘਾ ਅਤੇ ਨਕਾਰਾਤਮਕ ਪ੍ਰਭਾਵ ਪਾ ਸਕਦਾ ਹੈ।ਉਹਨਾਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਲੰਬੇ ਸਮੇਂ ਤੋਂ ਬੀਮਾਰ ਮਰੀਜ਼ਾਂ ਦੇ ਦਰਦ ਨੂੰ ਘਟਾਉਣ ਅਤੇ ਉਹਨਾਂ ਦੇ ਜੀਵਨ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਦੇ ਮਕਸਦ ਦੀ ਪੂਰਤੀ ਵਿਚ ਵਧੇਰੇ ਕਾਰਗਰ ਸਾਬਤ ਹੋਵੇਗਾ।
ਇਸ ਮੌਕੇ ਬਲਾਕ ਐਜੂਕੇਟਰ ਰਤਿਕਾ ਉਬਰਾਏ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੀ.ਐਚ.ਓ ਗਗਨਦੀਪ ਕੌਰ ਵੱਲੋਂ 40 ਆਸ਼ਾਂ ਵਰਕਰਾਂ ਅਤੇ ਆਸ਼ਾ ਫ਼ੈਸਿਲੀਟੇਟਰ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਹਨਾਂ ਨੂੰ ਮਰੀਜ਼ਾਂ ਦੀ ਮਾਨਸਿਕ ਸਿਹਤ ਵਿਚ ਸੁਧਾਰ ਲਿਆਉਣ ਵਿੱਚ ਸਹਾਈ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਵਿਸ਼ੇਸ਼ ਦੇਖਭਾਲ ਦੀਆਂ ਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ।
ਸਿਖਲਾਈ ਪ੍ਰੋਗਰਾਮ ਦੇ ਆਖ਼ਰੀ ਦਿਨ ਆਸ਼ਾ ਫ਼ੈਸਿਲੀਟੇਟਰ ਸ਼੍ਰੀਮਤੀ ਰੀਨਾ ਅਤੇ ਆਸ਼ਾ ਵਰਕਰ ਸ਼੍ਰੀਮਤੀ ਅਨੁਰਾਧਾ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਇਸ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਦੌਰਾਨ ਉਹਨਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿਚ ਸੁਧਾਰ ਲਿਆਉਣ ਵਿੱਚ ਸਹਾਈ ਵਿਧੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵਿਹਾਰਕ ਸਿਖਲਾਈ (ਪ੍ਰੈਕਟਿਕਲ ਟ੍ਰੇਨਿੰਗ) ਵੀ ਦਿੱਤੀ ਗਈ ਜੋ ਉਹਨਾਂ ਦੀ ਕਾਰਜ ਕੁਸ਼ਲਤਾ ਵਧਾਉਣ ਵਿਚ ਮਦਦਗਾਰ ਸਾਬਿਤ ਹੋਵੇਗੀ।