'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ: ਹੁਣ ਤੱਕ 1035 ਕਿਲੋ ਹੈਰੋਇਨ, ਅਫੀਮ ਅਤੇ ਕਈ ਸਿੰਥੈਟਿਕ ਡਰੱਗਜ਼ ਬਰਾਮਦ
- ਲਗਭਗ 6 ਲੱਖ 81 ਹਜ਼ਾਰ ਨਸ਼ੀਲੀ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਹੋਈ ਬਰਾਮਦ
- ਹੁਣ ਤੱਕ ਐਨਡੀਪੀਐਸ ਤਹਿਤ 988 ਐਫਆਈਆਰ ਦਰਜ ਅਤੇ 1360 ਨਸ਼ਾ ਤਸਕਰ ਗ੍ਰਿਫਤਾਰ - ਅਮਨ ਅਰੋੜਾ
- ਪੁਲਿਸ ਦੀ ਜਵਾਬੀ ਕਾਰਵਾਈ ਵਿਚ 24 ਨਸ਼ਾ ਤਸਕਰਾਂ ਦੇ ਘਰ ਢਹਿ ਢੇਰੀ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
- ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ 'ਆਪ' ਸਰਕਾਰ ਵਚਨਬੱਧ, ਪੁਲਿਸ 24 ਘੰਟੇ ਕੰਮ ਕਰ ਰਹੀ ਹੈ - ਅਮਨ ਅਰੋੜਾ
- ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਜਾਂ ਤਾਂ ਨਸ਼ਾ ਛੱਡ ਦਿਓ ਜਾਂ ਪੰਜਾਬ ਛੱਡ ਦਿਓ, ਨਸ਼ਿਆਂ ਨਾਲ ਕੋਈ ਸਮਝੌਤਾ ਨਹੀਂ
ਚੰਡੀਗੜ੍ਹ, 10 ਮਾਰਚ 2025 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਾਸ਼ਿਆ ਵਿਰੁਧ’ ਨੂੰ ਪਿਛਲੇ 10 ਦਿਨਾਂ ਦੌਰਾਨ ਮਿਲੀ ਸਫਲਤਾ ਬਾਰੇ ਚਾਨਣਾ ਪਾਇਆ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।
ਸੋਮਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਾਮਿਸਾਲ ਸਫ਼ਲਤਾ ਮਿਲੀ ਹੈ।
ਉਨ੍ਹਾਂ ਦੱਸਿਆ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਪੁਲੀਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 988 ਐਫਆਈਆਰ ਦਰਜ ਕਰਕੇ 1360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 1035 ਕਿਲੋ ਹੈਰੋਇਨ, ਅਫੀਮ ਅਤੇ ਹੋਰ ਸਿੰਥੈਟਿਕ ਡਰੱਗਜ਼ ਜ਼ਬਤ ਕੀਤੇ ਹਨ। ਕਰੀਬ 6 ਲੱਖ 81 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਇਹ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਲਈ ਕਿੰਨੀ ਗੰਭੀਰ ਹੈ।
ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ। ਪੁਲਿਸ ਨੂੰ ਆਪਣੀ ਸੁਰੱਖਿਆ ਲਈ ਇਨ੍ਹਾਂ ਲੋਕਾਂ 'ਤੇ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ।
ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24×7 ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਕੇ ਚਲੇ ਜਾਣ। ਨਸ਼ੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸੁਰੱਖਿਆ ਦਿੰਦੀਆਂ ਸਨ, ਜਿਸ ਕਾਰਨ ਪੰਜਾਬ ਅੱਜ ਤੱਕ ਨਸ਼ੇ ਦੀ ਮਾਰ ਝੱਲ ਰਿਹਾ ਹੈ। ਪਿਛਲੀਆਂ ਸਰਕਾਰਾਂ ਦੇ ਉਲਟ 'ਆਪ' ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਵੀ ਸਾਡੇ ਸਾਹਮਣੇ ਹਨ। ਸਾਡੀ ਸਰਕਾਰ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਸਾਡੀ ਮੁਹਿੰਮ ਸਫਲ ਹੋਵੇਗੀ।
ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਕੈਬਨਿਟ ਕਮੇਟੀ ਦੇ ਚਾਰ ਮੰਤਰੀ ਮੈਂ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸਿੰਘ ਸੌਂਧ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਗਰਾਨੀ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਸਾਰੇ ਹਸਪਤਾਲਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਮਰੀਜ਼ਾਂ ਨਾਲ ਮੁਲਾਕਾਤ ਵੀ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਾ ਖਤਮ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।