ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ - ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 10 ਮਾਰਚ 2025 - ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਸਖਤ ਰੁਖ ਅਖਤਿਆਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਗੈਰ ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਨੇ ਸਮੂਹ ਪੰਜਾਬ ਹਿਤੈਸ਼ੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਚੁਣੌਤੀਪੂਰਨ ਜੰਗ ਨੂੰ ਇਕਜੁੱਟ ਯਤਨਾਂ ਰਾਹੀਂ ਜਿੱਤਿਆ ਜਾ ਸਕਦਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ਦੇ ਮੁੜ ਵਸੇਬੇ ਲਈ, ਉਨਾਂ ਦਾ ਮਰੀਜ਼ਾਂ ਵਾਂਗ ਇਲਾਜ ਕਰਨ ਲਈ ਇੱਕ ਕਾਰਜ ਯੋਜਨਾ ਵੀ ਤਿਆਰ ਕੀਤੀ ਹੈ। ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।
ਉਨਾਂ ਅੱਗੇ ਕਿਹਾ ਕਿ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ।