ਕਮਿਸ਼ਨਰ, ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨ ਦਾ ਲਿਆ ਜਾਇਜ਼ਾ
- ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ’ਤੇ ਦਿੱਤਾ ਜ਼ੋਰ
ਜਲੰਧਰ, 10 ਮਾਰਚ 2025: ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਅੱਜ ਜਲੰਧਰ ਵਿਖੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨ ਦੀ ਵਿਆਪਕ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ।
ਸਮੀਖਿਆ ਦੌਰਾਨ ਡਾ. ਸੰਧੂ ਨੇ ਦਰੁੱਸਤ ਵੋਟਰ ਸੂਚੀਆਂ ਯਕੀਨੀ ਬਣਾਉਣ ਲਈ ਇਨ੍ਹਾਂ ਵਿੱਚੋਂ ਤਰੁੱਟੀਆਂ ਨੂੰ ਦੂਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਖਾਸ ਤੌਰ ’ਤੇ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੀ ਭਾਗੀਦਾਰੀ ਜ਼ਮੀਨੀ ਪੱਧਰ 'ਤੇ ਲੋਕਤੰਤਰ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਵਿੱਚ ਲਿੰਗ ਅਨੁਪਾਤ ਅਤੇ ਚੋਣ ਭਾਗੀਦਾਰੀ (ਈ.ਪੀ.) ਅਨੁਪਾਤ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਵੋਟਰ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕਰਨ ਲਈ ਸਾਰੇ ਹਲਕਿਆਂ ਵਿੱਚ ਬੂਥ ਲੈਵਲ ਅਸਿਸਟੈਂਟ (ਬੀ.ਐਲ.ਏ.) ਤਾਇਨਾਤੀ ਕਰਨ ਦਾ ਵੀ ਸੱਦਾ ਦਿੱਤਾ।
ਡਾ. ਸੰਧੂ ਨੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਨੂੰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਢੁੱਕਵੀਂ ਸਿਖ਼ਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਮੀਟਿੰਗ ਵਿੱਚ ਈ.ਆਰ.ਓ. ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।