ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਕਮਰ ਕੱਸੋ: ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
* ਨਸ਼ਿਆਂ ਦੀ ਅਲਾਮਤ ਵਿਰੁੱਧ ਜ਼ੀਰੋ ਟਾਲਰੈਂਸ ਨੂੰ ਦੋਹਰਾਇਆ
ਜਲੰਧਰ, 10 ਮਾਰਚ 2025: ਨਸ਼ਿਆਂ ਦੀ ਬੁਰਾਈ ਵਿਰੁੱਧ ਜ਼ੀਰੋ ਟਾਲਰੈਂਸ ਦੁਹਰਾਉਂਦੇ ਹੋਏ, ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਕਮਰ ਕੱਸ ਲੈਣ ।
ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦੇ ਸਰਗਰਮ ਸਮਰਥਨ ਨਾਲ ਇੱਕ ਜਨ ਲਹਿਰ ਵਿੱਚ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ ਇਸ ਬੁਰਾਈ ਨੂੰ ਖਤਮ ਕਰਨ ਲਈ ਆਮ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਲੈਣਾ ਚਾਹੀਦਾ ਹੈ। ਸ਼੍ਰੀਮਤੀ ਧਨਪ੍ਰੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਦਾ ਧਿਆਨ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਣ 'ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਾ ਤਸਕਰਾਂ ਅਤੇ ਰਾਜ ਵਿਰੋਧੀ ਅਜਿਹੀਆਂ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪਾਬੰਦ ਹੈ। ਸ਼੍ਰੀਮਤੀ ਧਨਪ੍ਰੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਰੱਖਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੰਬੰਧਤ ਐੱਸ ਐੱਚ ਓ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦੀ ਵਿਕਰੀ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜ ਵਿੱਚੋਂ ਇਸ ਸਰਾਪ ਨੂੰ ਖਤਮ ਕਰਨ ਲਈ ਅਣਥੱਕ ਯਤਨ ਕਰਨ ਲਈ ਕਿਹਾ ਅਤੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਸ਼੍ਰੀਮਤੀ ਧਨਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਸ਼ਹਿਰ ਵਿੱਚ ਨਸ਼ਾ ਮੌਜੂਦ ਹੈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜੋਸ਼ ਨਾਲ ਜਾਰੀ ਰੱਖਿਆ ਜਾਵੇਗਾ।