ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਨੇ ਭਾਂਡੇ ਮਾਂਜਣ ਦੀ ਕੀਤੀ ਸੇਵਾ
ਅੰਮ੍ਰਿਤਸਰ, 10 ਮਾਰਚ 2025 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗੁਰ ਅਸਥਾਨਾਂ ਵਿਖੇ ਨਤਮਸਤਕ ਹੋਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਪੁੱਜੇ ਅਤੇ ਗੁਰਬਾਣੀ ਕੀਰਤਨ ਕਰਵਣ ਕੀਤਾ। ਇੱਥੇ ਉਨ੍ਹਾਂ ਨੂੰ ਸਿਰਪਾਓ ਤੇ ਪਤਾਸ਼ਿਆਂ ਦਾ ਪਰਸ਼ਾਦ ਦਿੱਤਾ ਗਿਆ। ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਏ ਜਿੱਥੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ, ਸਿਰੋਪਾਓ ਅਤੇ ਫੁੱਲਾਂ ਦਾ ਸਿਹਰਾ ਦਿੱਤਾ ਗਿਆ। ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬਰਤਨ ਧੋਣ ਦੀ ਸੇਵਾ ਕੀਤੀ।