ADC ਨੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਦੁਕਾਨਦਾਰਾਂ ਦਾ ਸਹਿਯੋਗ ਮੰਗਿਆ
ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਦਾ ਦਿੱਤਾ ਭਰੋਸਾ
ਰੋਹਿਤ ਗੁਪਤਾ
ਗੁਰਦਾਸਪੁਰ, 12 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਅੱਗੇ ਤੋਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਆਪਣੇ ਦਫ਼ਤਰ ਵਿਖੇ ਗੁਰਦਾਸਪੁਰ ਸ਼ਹਿਰ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਪੀ.ਸੀ.ਐੱਸ. ਅਧਿਕਾਰੀ ਸ੍ਰੀ ਰੁਪਿੰਦਰਪਾਲ ਸਿੰਘ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਤੋਂ ਇਲਾਵਾ ਵਪਾਰ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਦਰਸ਼ਨ ਮਹਾਜਨ ਅਤੇ ਹੋਰ ਦੁਕਾਨਦਾਰ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮਿਲ ਕੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਿੱਥੇ ਹੋਰ ਵਰਗਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਓਥੇ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਦੁਕਾਨਦਾਰਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੂਹ ਦੁਕਾਨਦਾਰ ਆਪਣੀਆਂ ਦੁਕਾਨਾਂ ਉੱਪਰ ਆਉਂਦੇ ਗ੍ਰਾਹਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰਾਂ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਕੋਹੜ੍ਹ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਜੋ ਮੁਹਿੰਮ ਚਲਾਈ ਗਈ ਹੈ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਅਸੀਂ ਸਾਰੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਇਸ ਮੁਹਿੰਮ ਨੂੰ ਕਾਮਯਾਬ ਕਰਨ ਵਿੱਚ ਆਪਣਾ ਪੂਰਾ ਸਹਿਯੋਗ ਦੇਵਾਂਗੇ। ਉਨ੍ਹਾਂ ਕਿਹਾ ਕਿ ਉਹ ਬਜ਼ਾਰ ਵਿੱਚ ਹੋਰ ਦੁਕਾਨਦਾਰਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਉਨ੍ਹਾਂ ਦਾ ਸਾਥ ਵੀ ਲੈਣਗੇ।