ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ
ਜਲੰਧਰ, 13 ਮਾਰਚ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਵਿਖੇ ਪਹੁੰਚ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚਿਆਂ ਨੂੰ ਫ਼ਲ ਤੇ ਪਿਚਕਾਰੀਆਂ ਆਦਿ ਦੀ ਵੰਡ ਕੀਤੀ ਅਤੇ ਗੁਲਾਲ ਲਾ ਕੇ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਖੁਸ਼ੀ ਅਤੇ ਸਕੂਨ ਮਿਲਿਆ ਹੈ।
ਡਾ. ਅਗਰਵਾਲ ਨੇ ਕਿਹਾ ਕਿ ਹੋਲੀ ਜਿਥੇ ਬੁਰਾਈ ਨੂੰ ਖ਼ਤਮ ਕਰਨ ਅਤੇ ਚੰਗਿਆਈ ਨੂੰ ਅਪਨਾਉਣ ਦਾ ਪ੍ਰਤੀਕ ਹੈ ਉਥੇ ਹੋਲੀ ਦੇ ਰੰਗ ਵਿਭਿੰਨਤਾ ਵਿੱਚ ਏਕਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਰੰਗਾਂ ਦਾ ਇਹ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।
ਉਨ੍ਹਾਂ ਇਸ ਮੌਕੇ ਜ਼ਿਲ੍ਹਾ ਵਾਸੀਆਂ ਦੀ ਜ਼ਿੰਦਗੀ ਵਿੱਚ ਖੁਸ਼ੀ, ਉਤਸ਼ਾਹ, ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਰੈੱਡ ਕਰਾਸ ਦਿਵਿਆਂਗ ਸਕੂਲ ਦੇ ਪ੍ਰਿੰਸੀਪਲ ਪੀ.ਐਨ. ਸ਼ਰਮਾ ਅਤੇ ਸਕੂਲ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ।