MLA ਰੰਧਾਵਾ ਵੱਲੋਂ ਕੁਸ਼ਤੀ ਮੇਲੇ 'ਚ ਕੀਤੀ ਗਈ ਸਿਰਕਤ: ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਮਾਰਚ 2025: ਨੇੜਲੇ ਪਿੰਡ ਰਾਣੀਮਾਜਰਾ ਵਿੱਖੇ ਸਰਪੰਚ ਗੁਰਮੀਤ ਸਿੰਘ ਤੇ ਪੰਚਾਇਤ ਵੱਲੋਂ ਹੌਲੀ ਦੇ ਪਾਵਨ ਤਿਓਹਾਰ ਮੋਕੇ ਕਰਵਾਏ ਗਏ ਕੁਸ਼ਤੀ ਦੰਗਲ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ, ਜਿਸ ਵਿੱਚ ਵੱਡੀ ਗਿਣਤੀ ਕੁਸ਼ਤੀ ਪ੍ਰੇਮੀਆਂ ਨੇ ਕੁਸ਼ਤੀ ਦਾ ਆਨੰਦ ਮਾਣਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਰੰਧਾਵਾ ਨੇ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਪ੍ਰੰਬਧਕਾਂ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ 21 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੇਸ਼ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਨੂੰ ਸੰਭਾਲਣ ਦੀ ਮਹੱਤਤਾ ਤੇ ਜ਼ੋਰ ਦਿੱਤਾ।
ਉਨ੍ਹਾਂ ਪੰਜਾਬੀ ਸੱਭਿਆਚਾਰ ਵਿੱਚ ਕੁਸ਼ਤੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਖੇਡ ਨਾਲ ਜੁੜਨ ਦਾ ਸੱਦਾ ਦਿੱਤਾ। ਸ. ਰੰਧਾਵਾ ਨੇ ਕਿਹਾ ਕਿ ਹਰ ਨੌਜਵਾਨ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਖਿਡਾਰੀਆਂ ਦਾ ਦੇਸ਼ ਦੀ ਸ਼ਾਨ ਵਿੱਚ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਭਵਿੱਖ ਵਿੱਚ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾਣਗੇ ਤਾਂ ਜੋ ਨੌਜਵਾਨ ਖੇਡ ਮੈਦਾਨ ਨਾਲ ਜੁੜ ਕੇ ਖੇਡਾਂ ਨੂੰ ਪ੍ਰਫੁਲਿੱਤ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਇਸ ਮੌਕੇ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। । ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ ਸਮੇਤ ਆਪ ਦੀ ਪੂਰੀ ਟੀਮ ਅਤੇ ਨੇੜਲੇ ਪਿੰਡਾਂ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।