ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲਿਆ
- ਬਜਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਲਈ ਕਾਂਗਰਸ ਦੇ ਵਿਧਾਇਕਾਂ ਨੂੰ ਵਿੱਪ ਜਾਰੀ ਕਰਨ ਦੀ ਕੀਤੀ ਮੰਗ
ਦਲਜੀਤ ਕੌਰ
ਚੰਡੀਗੜ੍ਹ, 15 ਮਾਰਚ, 2025: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਕਾਂਗਰਸ ਭਵਨ ਚੰਡੀਗੜ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਲਈ ਕਾਂਗਰਸੀ ਵਿਧਾਇਕਾਂ ਨੂੰ ਵਿੱਪ ਜਾਰੀ ਕਰਨ ਦੀ ਮੰਗ ਕੀਤੀ ਗਈ। ਕਾਂਗਰਸ ਪ੍ਰਧਾਨ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ਼ ਇਸ ਮੁੱਦੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਗਿਆ।
ਵਫ਼ਦ ਵਿੱਚ ਸ਼ਾਮਲ ਫਰੰਟ ਦੇ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਸਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਬੰਧੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਅਤੇ ਬਜਟ ਸੈਸ਼ਨ ਦੌਰਾਨ ਪੈਨਸ਼ਨ ਦਾ ਮਤਾ ਲਿਆ ਕੇ ਯੂਪੀਐੱਸ ਨੂੰ ਰੱਦ ਕਰਨ ਦਾ ਮਾਮਲਾ ਉਭਾਰਨ ਲਈ ਹਾਕਮ ਧਿਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੈਬਨਿਟ ਸਬ-ਕਮੇਟੀ ਨਾਲ਼ ਪਿਛਲੇ ਸਮੇਂ ਵਿੱਚ ਫਰੰਟ ਦੀ ਹੋਈ ਮੀਟਿੰਗ ਵਿੱਚ ਪ੍ਰਮੁੱਖ ਤੌਰ ਤੇ ਗੱਲ ਉੱਭਰੀ ਸੀ ਕਿ ਆਪ ਸਰਕਾਰ ਪੁਰਾਣੀ ਪੈਨਸ਼ਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਯੂਪੀਐੱਸ ਸਕੀਮ ਨੂੰ ਸੂਬੇ ਵਿੱਚ ਲਾਗੂ ਕਰਨ ਤੇ ਵਿਚਾਰ ਕਰ ਰਹੀ ਹੈ।
ਆਪ ਸਰਕਾਰ ਦੀ ਪੈਨਸ਼ਨ ਤੋਂ ਪਿੱਛੇ ਹਟਣ ਦੀ ਇਸ ਵਾਅਦਾ ਖਿਲਾਫੀ ਖਿਲਾਫ ਮੁਲਾਜ਼ਮਾਂ ਵਿੱਚ ਤਿੱਖਾ ਰੋਸ ਹੈ। ਉਹਨਾਂ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 24 ਤੋਂ 26 ਮਾਰਚ ਤੱਕ ਤਿੰਨ ਦਿਨ ਮੋਹਾਲੀ ਵਿਖੇ ਰੈਲੀਆਂ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 25 ਮਾਰਚ ਨੂੰ ਐਨ.ਪੀ.ਐਸ. ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ। ਵਫ਼ਦ ਵਿੱਚ ਰਮਨ ਸਿੰਗਲਾ, ਰਘਵੀਰ ਸਿੰਘ ਭਵਾਨੀਗੜ੍ਹ ਵੀ ਸ਼ਾਮਲ ਸਨ।