ਚੇਅਰਮੈਨ ਰਮਨ ਬਹਿਲ ਨੇ 47 ਪਿੰਡਾਂ ਨੂੰ 2.4 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ
- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਕ੍ਰਾਂਤੀ ਲਿਆ ਕੇ ਸੂਬੇ ਨੂੰ ਵਿਕਾਸ ਦੀ ਰਾਹੇ ਤੋਰਿਆ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 16 ਮਾਰਚ 2025 - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 47 ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ 2.4 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ। ਗ੍ਰਾਂਟ ਦੇ ਮਨਜ਼ੂਰੀ ਪੱਤਰ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅਗਲੇ ਕੁਝ ਹੀ ਦਿਨਾਂ ਵਿੱਚ ਪੰਚਾਇਤਾਂ ਨੂੰ ਗ੍ਰਾਂਟ ਦੀ ਰਾਸ਼ੀ ਮਿਲ ਜਾਵੇਗੀ।
ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਦੇਣ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਰਾਸ਼ੀ ਨਾਲ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦਾ ਵਿਕਾਸ, ਸੀਵਰੇਜ ਸਿਸਟਮ, ਛੱਪੜਾਂ ਦੀ ਸਫ਼ਾਈ, ਸਟਰੀਟ ਲਾਈਟਾਂ, ਲਾਇਬ੍ਰੇਰੀਆਂ ਦੀ ਉਸਾਰੀ ਸਮੇਤ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਵਕਾਸ ਕਾਰਜਾਂ ਲਈ ਆਈ ਗ੍ਰਾਂਟ ਰਾਸ਼ੀ ਸੂਬੇ ਦੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ `ਚੋਂ ਇਕੱਤਰ ਕੀਤੇ ਗਏ ਟੈਕਸਾਂ ਦੀ ਰਾਸ਼ੀ ਹੈ ਅਤੇ ਇਸਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਪੂਰਾ ਖਿਆਲ ਰੱਖਿਆ ਜਾਵੇ ਤਾਂ ਜੋ ਇਸਦਾ ਲਾਭ ਲੋਕਾਂ ਨੂੰ ਸਹੀ ਰੂਪ ਵਿੱਚ ਮਿਲ ਸਕੇ। ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਉਣ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪਿਛਲੀਆਂ ਸਰਕਾਰ ਵੇਲੇ ਵਿਕਾਸ ਕਾਰਜਾਂ ਦੀਆਂ ਗ੍ਰਾਂਟਾਂ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋਈਆਂ ਸਨ ਜਿਸ ਕਾਰਨ ਵਿਕਾਸ ਕਾਰਜ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਦਾ ਮੁੱਖ ਟੀਚਾ ਸਿਰਫ਼ ਆਪਣਾ ਵਿਕਾਸ ਕਰਨਾ ਹੀ ਹੁੰਦਾ ਸੀ, ਏਹੀ ਕਾਰਨ ਹੈ ਕਿ ਸਾਡੇ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਪੱਛੜ ਗਏ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਲ 2022 ਵਿੱਚ ਵੱਡਾ ਬਦਲਾਅ ਲਿਆਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਜਿਸ ਦੇ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਵਿਕਾਸ ਕ੍ਰਾਂਤੀ ਤਹਿਤ ਹੁਣ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਕ੍ਰਾਂਤੀ ਲਿਆ ਕੇ ਸੂਬੇ ਨੂੰ ਵਿਕਾਸ ਦੀ ਰਾਹੇ ਤੋਰਿਆ ਹੈ ਅਤੇ ਸੂਬਾ ਪੰਜਾਬ ਹੁਣ ਵਿਕਾਸ ਪੱਖੋਂ ਮੋਹਰੀ ਬਣੇਗਾ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਬੀ.ਡੀ.ਪੀ.ਓ. ਗੁਰਦਾਸਪੁਰ ਦਿਲਬਾਗ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਪਿੰਡਾਂ ਦੇ ਪੰਚ-ਸਰਪੰਚ ਅਤੇ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ।