ਪੰਜਾਬ ਪੁਲਿਸ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਕਰੇਗੀ ਗ੍ਰਿਫ਼ਤਾਰ
- ਸੂਬੇ ਭਰ ‘ਚ ਦਰਜ ਵੱਖ-ਵਖ ਮਾਮਲਿਆਂ ‘ਚ ਮੁਕੱਦਮਾ ਭੁਗਤਣ ਲਈ 10 ਵਿੱਚੋਂ 7 ਹਿਰਾਸਤੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ: ਡੀਜੀਪੀ ਗੌਰਵ ਯਾਦਵ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਅੰਮ੍ਰਿਤਸਰ ਦਿਹਾਤੀ ਪੁਲਿਸ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਸੱਤ ਵਿਅਕਤੀਆਂ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ: ਡੀਆਈਜੀ ਸਤਿੰਦਰ ਸਿੰਘ
ਚੰਡੀਗੜ੍ਹ, 16 ਮਾਰਚ 2025 - ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰਨ ਲਈ ਕਮਰ ਕੱਸ ਲਈ ਹੈ ਤਾਂ ਜੋ ਉਕਤ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਮਿਲ ਸਕੇ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦੀ ਪਛਾਣ ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ, ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ ਗੁਰਮੀਤ ਬੁੱਕਣਵਾਲਾ, ਨਵੀਂ ਦਿੱਲੀ ਦੇ ਪੱਛਮੀ ਪੰਜਾਬੀ ਬਾਗ ਦੇ ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ ਕਲਸੀ, ਫਗਵਾੜਾ ਦੇ ਗੁਰਿੰਦਰਪਾਲ ਸਿੰਘ ਔਜਲਾ ਉਰਫ ਗੁਰੀ ਔਜਲਾ, ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਹਰਜੀਤ ਸਿੰਘ ਉਰਫ ਚਾਚਾ ਅਤੇ ਮੋਗਾ ਦੇ ਰੌਕੇ ਕਲਾਂ ਦੇ ਕੁਲਵੰਤ ਸਿੰਘ ਧਾਲੀਵਾਲ ਉਰਫ ਕੁਲਵੰਤ ਸਿੰਘ ਵਜੋਂ ਹੋਈ ਹੈ।
ਮੌਜੂਦਾ ਸਮੇਂ ਇਹ ਸਾਰੇ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਹਿਰਾਸਤ ਵਿੱਚ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੁਪਰਡੈਂਟ (ਐਸਪੀ) ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਇੱਕ ਉੱਚ ਪੱਧਰੀ ਪੁਲਿਸ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਤਾਇਨਾਤ ਹੈ ਤਾਂ ਜੋ ਸੱਤੇ ਮੁਲਜ਼ਮਾਂ ਦੀ ਐਨਐਸਏ ਹਿਰਾਸਤ ਦੀ ਮਿਆਦ ਪੂਰੀ ਹੋਣ 'ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਅਦ ਵਿੱਚ ਉਕਤ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਕੇਸ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਉਣਾ ਯਕੀਨੀ ਬਣਾਇਆ ਜਾ ਸਕੇ।
ਪ੍ਰਾਪਤ ਜਾਣਕਾਰੀ ਅਨੁਸਾਰ 23 ਫਰਵਰੀ, 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕਰ ਦਿੱਤਾ ਸੀ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 353, 186, 332, 333, 506, 120-ਬੀ, 427, 148 ਅਤੇ 149 ਤਹਿਤ ਐਫਆਈਆਰ ਨੰਬਰ 39 ਮਿਤੀ 24/2/2023 ਦਰਜ ਕੀਤੀ ਗਈ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਹਿਰਾਸਤੀਆਂ ਵਿੱਚੋਂ ਸੱਤ ਨੂੰ ਸੂਬੇ ਭਰ ਵਿੱਚ ਦਰਜ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਦੀ ਕਾਰਵਾਈ ਸੋਮਵਾਰ ਤੋਂ ਆਰੰਭ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਕੇਸ ਵਿੱਚ ਜਾਂਚ ਕਾਰਵਾਈ ਨੂੰ ਸ਼ੁਰੂ ਕਰਨ ਲਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/23 ਵਿੱਚ ਉਕਤ ਮੁਲਜ਼ਮਾਂ (ਸੱਤ ਵਿਅਕਤੀਆਂ) ਦੀ ਰਸਮੀ ਗ੍ਰਿਫ਼ਤਾਰੀ ਅਮਲ ਵਿੱਚ ਲਿਆਵਾਂਗੇ।