ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਦਵਾਈਆਂ, ਇਲਾਜ ਸਸਤਾ- ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਸੂਬੇ ’ਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ : ਸਿਹਤ ਮੰਤਰੀ
ਜਲੰਧਰ, 16 ਮਾਰਚ 2025: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੰਦੇ ਹੋਏ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਹ ਅੱਜ ਇਥੋਂ ਨੇੜਲੇ ਪਿੰਡ ਹਜ਼ਾਰਾ ਵਿਖੇ ਐਸ.ਜੀ.ਐਲ. ਹਸਪਤਾਲ ਤੇ ਸਟੈਂਡਿੰਗ ਸਟ੍ਰੇਟ ਆਰਗੇਨਾਈਜ਼ੇਸ਼ਨ ਵੱਲੋਂ ਰੀੜ੍ਹ ਦੀ ਹੱਡੀ ਦੇ ਟੇਢੇਪਨ ਦੇ ਇਲਾਜ ਸਬੰਧੀ ਮਿਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਆਮ ਆਦਮੀ ਕਲੀਨਿਕਾਂ ਵਿੱਚ ਜਿਥੇ 2.99 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਉਥੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ ਇਲਾਜ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਟ੍ਰੋਕ ਦੇ ਇਲਾਜ ਲਈ ਵਿਸ਼ਵ ਸਟ੍ਰੋਕ ਆਰਗੇਨਾਈਜ਼ੇਸ਼ਨ ਨਾਲ ਕਰਾਰ ਕੀਤਾ ਗਿਆ ਗਿਆ, ਜਿਸ ਤਹਿਤ ਸੰਸਥਾ ਦੇ ਸਹਿਯੋਗ ਨਾਲ ਮੈਡੀਕਲ ਕਾਲਜਾਂ ਵਿੱਚ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕਰਾਰਾਂ ਸਦਕਾ ਸਾਡੇ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਹੋਰ ਬਿਹਤਰ ਅਤੇ ਆਧੁਨਿਕ ਢੰਗ ਨਾਲ ਟ੍ਰੇਂਡ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਐਸ.ਜੀ.ਐਲ. ਸੁਪਰ ਸਪੈਸ਼ੈਲਿਟੀ ਚੈਰੀਟੇਬਲ ਹਸਪਤਾਲ ਅਤੇ ਸਟੈਂਡਿੰਗ ਸਟ੍ਰੇਟ ਆਰਗੇਨਾਈਜ਼ੇਸ਼ਨ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਅਤੇ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱਕੇ ਕਦਮਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਮਿਆਰੀ ਅਤੇ ਬਿਹਤਰ ਸੇਵਾਵਾਂ ਤੱਕ ਆਮ ਲੋਕਾਂ ਦੀ ਪਹੁੰਚ ਯਕੀਨੀ ਬਣੀ ਹੈ। ਉਨ੍ਹਾਂ ਐਸ.ਜੀ.ਐਲ. ਹਸਪਤਾਲ ਅਤੇ ਸਟੈਂਡਿੰਗ ਸਟ੍ਰੇਟ ਆਰਗੇਨਾਈਜ਼ੇਸ਼ਨ ਵੱਲੋਂ ਕੀਤੀ ਜਾ ਰਹੀ ਲੋਕ ਸੇਵਾ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਐਸ.ਜੀ.ਐਲ. ਹਸਪਤਾਲ ਦੇ ਡਾਕਟਰ ਅਤੇ ਸਟਾਫ਼ ਤੋਂ ਇਲਾਵਾ ਸਟੈਂਡਿੰਗ ਸਟ੍ਰੇਟ ਆਰਗੇਨਾਈਜ਼ੇਸ਼ਨ ਦੇ ਅਹੁਦੇਦਾਰ ਵੀ ਮੌਜੂਦ ਸਨ।