ਪੰਜਾਬ ਸਰਕਾਰ ਵੱਲੋਂ ਆਰੰਭੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਮਿਲ ਰਹੀ ਹੈ ਵੱਡੀ ਕਾਮਯਾਬੀ : ਵਿਧਾਇਕ ਰੰਧਾਵਾ
ਪੰਜਾਬ ਪੁਲਿਸ ਨੇ ਪਿਛਲੇ 17 ਦਿਨਾਂ ਵਿੱਚ 2575 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ 'ਯੁੱਧ ਨਸ਼ਿਆਂ ਵਿਰੁੱਧ' ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬਾ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਕੇ ਇੱਕ ਵਾਰ ਫਿਰ ਰੰਗਲਾ ਪੰਜਾਬ ਬਣੇਗਾ।
ਇਹ ਪ੍ਰਗਟਾਵਾ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 1 ਮਾਰਚ, 2025 ਤੋਂ 2575 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਭਰ ਵਿੱਚ 1651 ਐਫਆਈਆਰ ਦਰਜ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 95 ਕਿੱਲੋ ਹੈਰੋਇਨ, 52 ਕਿੱਲੋ ਅਫ਼ੀਮ, 1129 ਕਿੱਲੋ ਭੁੱਕੀ, 13.79 ਕਿੱਲੋ ਗਾਂਜਾ, 7.25 ਲੱਖ ਨਸ਼ੀਲੀਆਂ ਗੋਲੀਆਂ/ਟੀਕੇ, 1 ਕਿੱਲੋ ਆਈਸੀਈ, 1.37 ਕਿੱਲੋ ਕੋਕੀਨ ਅਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜਿੱਥੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ ਓਥੇ ਰਾਜ ਸਰਕਾਰ ਵੱਲੋਂ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਦੇ ਮੁਫ਼ਤ ਇਲਾਜ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ ਜਨ-ਸਧਾਰਨ ਨੂੰ ਨਸ਼ਿਆਂ ਖ਼ਿਲਾਫ਼ ਯੁੱਧ ਲਈ ਲਾਮਬੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੇਫ਼ ਪੰਜਾਬ ਐਂਟੀ-ਡਰੱਗ ਹੈਲਪ ਲਾਈਨ '9779100200' ਚਲਾਈ ਜਾ ਰਹੀ ਹੈ, ਜਿਸ ਰਾਹੀਂ ਨਾਗਰਿਕ ਨਸ਼ਾ ਤਸਕਰਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦਾ ਸਾਥ ਲੈ ਕੇ ਇਸ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।