ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਬਟਾਲਾ, 19 ਮਾਰਚ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਿਾਂ ਦਾ ਨਿਪਟਾਰਾ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦੀ ਅਪੀਲ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾਂ ਤਸਕਰਾਂ ਖਿਲਾਫ਼ ਫੈਸਲਾਕੁੰਨ ਲੜਾਈ ਵਿੱਢੀ ਗਈ ਹੈ ਅਤੇ ਸੂਬਾ ਸਰਕਾਰ ਇਕ ਅਪ੍ਰੈਲ ਤੋਂ ਨਸ਼ਿਆਂ ਦੇ ਖਿਲਾਫ ਲੋਕ ਲਹਿਰ ਸ਼ੁਰੂ ਕਰੇਗੀ। ਉਨ੍ਹਾਂ ਨੇ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਵਰਕਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪਿੰਡ-ਪਿੰਡ ਜਾਵੇਗਾ ਅਤੇ ਨਸ਼ਿਆਂ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਹੋਰ ਖੇਡ ਮੈਦਾਨ ਅਤੇ ਜਿੰਮ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਕਰੇਗਾ।
ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਜਾ ਰਹੀ ਹੈ ਅਤੇ ਸਰਕਾਰ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਨਾਲ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ।