ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜ਼ੇ : ਏਡੀਜੀਪੀ ਜਤਿੰਦਰ ਜੈਨ
ਅਸ਼ੋਕ ਵਰਮਾ
ਬਠਿੰਡਾ, 19 ਮਾਰਚ 2025: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ ਪਹੁੰਚੇ ਸਪੈਸ਼ਲ ਡੀਜੀਪੀ ਪੀ.ਐਸ.ਪੀ.ਸੀ.ਐਲ. ਸ੍ਰੀ ਜਤਿੰਦਰ ਜੈਨ ਨੇ ਸੰਪਰਕ ਪ੍ਰੋਗਰਾਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਨਸ਼ਿਆਂ ਖਿਲਾਫ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਸਪੈਸ਼ਲ ਡੀਜੀਪੀ ਪੀ.ਐਸ.ਪੀ.ਸੀ.ਐਲ. ਸ੍ਰੀ ਜਤਿੰਦਰ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ ਮਾਨਸਿਕਤਾ ’ਤੇ ਕਾਬੂ ਪਾ ਕੇ ਹੀ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ, ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ’ਚ ਨਸ਼ਿਆਂ ਦੇ ਦੁਰ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਡੀਆਈਜੀ ਸ. ਹਰਜੀਤ ਸਿੰਘ ਨੇ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵਿਭਾਗ ਵੱਲੋਂ ਵਿਆਪਕ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਸ਼ਨਾਖਤ ਕਰਦਿਆਂ ਲਗਾਤਾਰ ਉਨ੍ਹਾਂ ਥਾਵਾਂ ਤੇ ਅਚਨਚੇਤ ਰੇਡ ਕਰਦਿਆਂ ਉਨ੍ਹਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤ ਸਮਾਜ ਇਕੱਲੀ ਪੁਲਿਸ ਹੀ ਨਹੀਂ ਸਗੋਂ ਸਮਾਜ, ਸੁਸਾਇਟੀ ਅਤੇ ਲੋਕਾਂ ਦੇ ਸਾਥ ਨਾਲ ਹੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਡੀਆਈਜੀ ਸ. ਹਰਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਪੰਜਾਬ ਸਰਕਾਰ ਵਲੋਂ ਸੈਲਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਵਟਸਐਪ ਚੈਟਬਾਟ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ ’ਤੇ ਜਦੋਂ ਵੀ ਨਸ਼ਿਆਂ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਂਦਾ ਹੈ।
ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਨਸ਼ੇ ਦੀ ਇਸ ਭੈੜੀ ਲਤ ਕੋਲੋਂ ਕੋਹਾਂ ਦੂਰ ਰਹਿ ਕੇ ਆਪਣੇ ਭਵਿੱਖ ਵਿੱਚ ਮਿੱਥੇ ਟੀਚੇ ਨੂੰ ਪੂਰਾ ਕਰਨ। ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਵਿਤਾਵਾਂ ਪੇਸ਼ ਕੀਤੀਆਂ।
ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਡੀ.ਐਸ.ਪੀ. ਸਿਟੀ-1 ਹਰਬੰਸ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ, ਕਾਲਜ ਦਾ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।