ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਚੀਮਾ ਨੇ ਸੰਭਾਲਿਆ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਦਾ ਅਹੁਦਾ
- ਵਾਜਬ ਦਰਾਂ ’ਤੇ ਲੋਕਾਂ ਨੂੰ ਰਿਹਾਇਸ਼ੀ ਖੇਤਰ ਮੁਹੱਈਆ ਕਰਵਾਉਣਾ ਹੋਵੇਗਾ ਮੁੱਖ ਟੀਚਾ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 19 ਮਾਰਚ 2025 - ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਅਰਜਨ ਐਵਾਰਡੀ ਸ. ਸੱਜਣ ਸਿੰਘ ਚੀਮਾ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਬਤੌਰ ਚੇਅਰਮੈਨ ਅਹੁਦਾ ਸੰਭਾਲ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਸ. ਚੀਮਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ. ਚੀਮਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਜਿਨ੍ਹਾਂ ਨੂੰ ਪਾਰਟੀ ਵੱਲੋਂ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ।ਉਨ੍ਹਾਂ ਆਸ ਜਤਾਈ ਕਿ ਸ. ਚੀਮਾ ਪੂਰੀ ਤਨਦੇਹੀ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣਗੇ ।
ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਸ. ਚੀਮਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਨੂੰ ਵਾਜਬ ਦਰਾਂ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ਵਿਆਪਕ ਯੋਜਨਾਬੰਦੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਸ਼ਹਿਰ ਦਾ ਵਿਸ਼ੇਸ਼ ਸਰਵੇ ਕਰਵਾ ਕੇ ਰਿਹਾਇਸ਼ੀ ਤੇ ਵਪਾਰਕ ਖੇਤਰਾਂ ਲਈ ਮੌਜੂਦ ਸੰਭਾਵਨਾਵਾਂ ਦੀ ਤਲਾਸ਼ ਕਰਕੇ ਉਨ੍ਹਾਂ ਥਾਵਾਂ ਨੂੰ ਵਿਕਸਤ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਹੋਰ ਪਾਰਦਰ਼ਸ਼ੀ ਤੇ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ , ਜਿਸ ਉੱਪਰ ਲੋਕ ਸਿੱਧਾ ਸੰਪਰਕ ਕਰ ਸਕਣਗੇ ।
ਦੱਸਣਯੋਗ ਹੈ ਕਿ ਸ.ਚੀਮਾ ਬਾਸਕਿਟਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਤੇ ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿਚ ਪਾਏ ਯੋਗਦਾਨ ਬਦਲੇ ਅਰਜਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਮਿੰਦਰ ਸਿੰਘ ਬਖਸ਼ੀ ਵਾਈਸ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਡ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ , ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਦੇ ਮੈਂਬਰ ਕੰਵਰ ਇਕਬਾਲ ਸਿੰਘ , ਸੂਬਾ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ , ਆਮ ਆਦਮੀ ਪਾਰਟੀ ਦੇ ਆਗੂ ਮੰਜੂ ਰਾਣਾ , ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ , ਭੁਪਿੰਦਰ ਸਿੰਘ ਪੂਨੀਆ ਕੋਚ , ਸਤੀਸ਼ ਕੁਮਾਰ ਸੇਵਾ ਮੁਕਤ ਡਿਪਟੀ ਡਾਇਰੈਕਟਰ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ।