ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਸ਼ੰਭੂ ਸਰਹੱਦ 'ਤੇ ਕਿਸਾਨ ਚੌਕਸ, ਕਿਸਾਨਾਂ ਨੇ ਰਸਤਿਆਂ 'ਚ ਟਰੈਕਟਰ ਟਰਾਲੀਆਂ ਕੀਤੀਆਂ ਖੜ੍ਹੀਆਂ
ਸ਼ੰਭੂ ਬਾਰਡਰ, 19 ਮਾਰਚ 2025 - ਕੇਂਦਰ ਅਤੇ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪਿਛਲੇ 13 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਬਾਅਦ ਪੁਲਿਸ ਨੇ ਅਚਾਨਕ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਜਗਜੀਤ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ, ਜੋ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਵਾਪਸ ਆ ਰਹੇ ਸਨ। ਪੰਧੇਰ ਨੂੰ ਮੋਹਾਲੀ ਦੇ ਏਅਰਪੋਰਟ ਰੋਡ 'ਤੇ ਪੁਲਿਸ ਨੇ ਘੇਰ ਲਿਆ ਸੀ। ਜਦੋਂ ਡੱਲੇਵਾਲ ਐਂਬੂਲੈਂਸ ਵਿੱਚ ਖਨੌਰੀ ਸਰਹੱਦ ਵੱਲ ਵਾਪਸ ਆ ਰਿਹਾ ਸੀ, ਤਾਂ ਪੁਲਿਸ ਨੇ ਉਸਨੂੰ ਸੰਗਰੂਰ ਵਿੱਚ ਘੇਰ ਲਿਆ। ਪੁਲਿਸ ਨੇ ਡੱਲੇਵਾਲ ਨੂੰ ਐਂਬੂਲੈਂਸ ਸਮੇਤ ਹਿਰਾਸਤ ਵਿੱਚ ਲੈ ਲਿਆ। ਇਹ ਅੰਦੋਲਨ ਇਨ੍ਹਾਂ ਦੋਵਾਂ ਆਗੂਆਂ ਦੀ ਅਗਵਾਈ ਹੇਠ ਚੱਲ ਰਿਹਾ ਹੈ।
ਇਸ ਦੇ ਨਾਲ ਹੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ, ਮਨਜੀਤ ਰਾਏ, ਓਂਕਾਰ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਕਿਸਾਨਾਂ ਨੂੰ ਸ਼ੱਕ ਹੈ ਕਿ ਹੁਣ ਪੁਲਿਸ ਸ਼ੰਭੂ ਅਤੇ ਖਨੌਰੀ ਸਰਹੱਦਾਂ ਨੂੰ ਵੀ ਜ਼ਬਰਦਸਤੀ ਖਾਲੀ ਕਰ ਸਕਦੀ ਹੈ। ਇਸ ਲਈ, ਕਿਸਾਨਾਂ ਨੂੰ ਉੱਥੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਵੱਲ ਖਨੌਰੀ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸਾਨਾਂ ਨੇ ਪੁਲਿਸ ਨੂੰ ਰੋਕਣ ਲਈ ਕਿਸਾਨਾਂ ਨੇ ਰਸਤਿਆਂ 'ਚ ਟਰੈਕਟਰ ਟਰਾਲੀਆਂ ਖੜ੍ਹੀਆਂ ਕਰ ਦਿੱਤੀਆਂ ਹਨ।