ਆਪ ਆਗੂ ਬਲਤੇਜ ਪੰਨੂ ਨੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਕੀਤੀ ਅਪੀਲ (ਵੀਡੀਓ ਵੀ ਦੇਖੋ)
- ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ, ਹਾਈਵੇਅ ਬੰਦ ਹੋਣ ਨਾਲ ਪੰਜਾਬ ਦਾ ਵਪਾਰ ਅਤੇ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ: ਪੰਨੂ
- ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਾ ਵੀ ਠੱਪ ਪਏ ਉਦਯੋਗਾਂ ਨਾਲ ਜੁੜੇ ਹੋਏ ਹਨ, ਨੌਕਰੀਆਂ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਵੇਂ ਨਿਵੇਸ਼ ਜ਼ਰੂਰੀ ਹਨ: ਪੰਨੂ
ਚੰਡੀਗੜ੍ਹ, 19 ਮਾਰਚ 2025 - 'ਆਪ' ਆਗੂ ਬਲਤੇਜ ਪੰਨੂ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਲਗਾਤਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ, ਭਾਵੇਂ ਉਹ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਦੌਰਾਨ ਹੋਵੇ ਜਾਂ ਮੌਜੂਦਾ ਮੁੱਦਿਆਂ ਨੂੰ ਹੱਲ ਕਰਨ ਵਿੱਚ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਦੀ ਪੰਜਾਬ ਸਰਕਾਰ ਸੂਬੇ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਇਸ ਦੀ ਤਰੱਕੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/521562684320812
ਪੰਨੂ ਨੇ ਹਾਈਵੇਅ ਬੰਦ ਹੋਣ ਦੇ ਮੌਜੂਦਾ ਨਾਜ਼ੁਕ ਮੁੱਦੇ ਨੂੰ ਉਜਾਗਰ ਕੀਤਾ, ਜਿਸ ਬਾਰੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਵਪਾਰ, ਉਦਯੋਗ ਅਤੇ ਸੰਪਰਕ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਨੌਜਵਾਨਾਂ ਲਈ ਵਪਾਰ ਨੂੰ ਸੁਚਾਰੂ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹਾਈਵੇਅ ਜ਼ਰੂਰੀ ਹਨ। ਉਨ੍ਹਾਂ ਅੱਗੇ ਕਿਹਾ "ਜਦੋਂ ਆਵਾਜਾਈ ਰੁਕਣ ਕਾਰਨ ਉਦਯੋਗ ਵਿਘਨ ਪੈਦਾ ਹੁੰਦਾ ਹੈ, ਤਾਂ ਇਸ ਦਾ ਸਿੱਧਾ ਅਸਰ ਬੇਰੁਜ਼ਗਾਰੀ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿੱਚ ਵਾਧਾ ਵਜੋਂ ਸਾਹਮਣੇ ਆਉਂਦਾ ਹੁੰਦਾ ਹੈ,"।
'ਆਪ' ਆਗੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵਿਰੁੱਧ ਲੜਨ ਲਈ ਇੱਕਜੁੱਟ ਯਤਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਿੱਥੇ ਸਰਕਾਰ ਨਸ਼ਿਆਂ ਦੇ ਨੈੱਟਵਰਕਾਂ 'ਤੇ ਨਕੇਲ ਕੱਸਣ ਲਈ ਅਣਥੱਕ ਮਿਹਨਤ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਵੀ ਓਨਾ ਹੀ ਜ਼ਰੂਰੀ ਹੈ।
ਬਲਤੇਜ ਪੰਨੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ, ਜੋ ਕਿ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਨੂੰ ਪੰਜਾਬ ਦੀਆਂ ਸਰਹੱਦਾਂ ਨੂੰ ਬੰਦ ਕਰਨ ਦੀ ਬਜਾਏ ਦਿੱਲੀ ਲੈ ਜਾਣ। ਉਨ੍ਹਾਂ ਕਿਹਾ, “ਰਾਜ ਦੇ ਹਾਈਵੇਅ ਬੰਦ ਰੱਖਣ ਨਾਲ ਪੰਜਾਬ ਦੇ ਆਰਥਿਕ ਵਿਕਾਸ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਹਾਈਵੇਅ ਖੋਲ੍ਹਣਾ ਸੂਬੇ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ।”
ਬਲਤੇਜ ਪੰਨੂ ਨੇ 'ਆਪ' ਅਧੀਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਿਸ ਵਿੱਚ ਝੋਨੇ ਅਤੇ ਕਣਕ ਦੇ ਸੀਜ਼ਨ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਨੂੰ ਟੇਲ-ਐਂਡ ਸਮੇਤ 74% ਖੇਤਰਾਂ ਤੱਕ ਪਹੁੰਚਾਉਣਾ ਸ਼ਾਮਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਕਿਸਾਨ ਅਤੇ ਵਸਨੀਕ ਸੂਬੇ ਨੂੰ ਤਰੱਕੀ ਵੱਲ ਲਿਜਾਉਣ ਲਈ 'ਆਪ' ਸਰਕਾਰ ਦਾ ਸਮਰਥਨ ਕਰਦੇ ਰਹਿਣਗੇ।
ਪੰਨੂ ਨੇ ਕਿਹਾ" ਮਿਲ ਕੇ ਅਸੀਂ, ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ, ਅਸੀਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵਾਂਗੇ,"।