ਹਿਮਾਚਲ 'ਚ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਮਾਮਲੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ : ਨਿਰਮੈਲ ਸਿੰਘ ਜੌਲਾ
ਮਲਕੀਤ ਸਿੰਘ ਮਲਕਪੁਰ
ਲਾਲੜੂ 25 ਮਾਰਚ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਕਿਹਾ ਹੈ ਕਿ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਦੇ ਗੁਰੂ ਧਾਮਾਂ ਦੇ ਦਰਸ਼ਨਾਂ ਨੂੰ ਜਾਂਦੀ ਸੰਗਤ ਨਾਲ ਹਿਮਾਚਲ ਦੇ ਲੋਕਾਂ ਵੱਲੋਂ ਧਾਰਮਿਕ ਚਿੰਨਾਂ ਨੂੰ ਗਲਤ ਰੰਗਤ ਦੇ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ ਤੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਕਿ ਉਹ ਪਹਿਲ ਦੇ ਅਧਾਰ ਉੱਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਆਪਣਾ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਚੁਣੀ ਸਰਕਾਰ ਹੀ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਨਾਲ ਜੋ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਸਹਿਣਯੋਗ ਨਹੀਂ ਹੈ।
ਇਸ ਲਈ ਉੱਥੇ ਦੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਿੱਖ ਧਰਮ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਕੇ ਉਨ੍ਹਾਂ ਦਾ ਸਤਿਕਾਰ ਕਰਨ। ਸ. ਜੌਲਾ ਨੇ ਕਿਹਾ ਕਿ ਸਾਰੇ ਧਰਮ ਸਤਿਕਾਰਯੋਗ ਹੈ ਅਤੇ ਪੰਜਾਬ ਦੇ ਲੋਕ ਇਸੇ ਹੀ ਏਕਤਾ ਦੇ ਧਾਰਨੀ ਹਨ। ਇਸ ਲਈ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਵੀ ਹਰ ਧਰਮ ਦਾ ਸਤਿਕਾਰ ਕਰਨਾ ਬਣਦਾ ਹੈ। ਉਨ੍ਹਾਂ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਰਾਰਤੀ ਅਨਸ਼ਰਾਂ ਉੱਤੇ ਬਣਦੀ ਕਾਰਵਾਈ ਜਰੂਰ ਕਰਨ, ਜਿਨ੍ਹਾਂ ਨੇ ਸਿੱਖ ਧਰਮ ਦੇ ਚਿੰਨ੍ਹਾਂ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹਿਮਾਚਲ ਪ੍ਰਦੇਸ਼ ਵਿੱਚ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾ ਰਹੇ ਨੌਜਵਾਨਾਂ ਦੇ ਉੱਤੇ ਦਰਜ ਹੋਏ ਮਾਮਲਿਆਂ ਨੂੰ ਖਾਰਜ ਕਰਨ ਵਿੱਚ ਆਪਣਾ ਬਣਦਾ ਰੋਲ ਅਦਾ ਜ਼ਰੂਰ ਅਦਾ ਕਰਨ। ਇਸ ਦੇ ਨਾਲ ਹੀ ਪੰਜਾਬ ਦੇ ਲੋਕ ਵੀ ਸ਼ਰਾਰਤੀ ਅਨਸਰਾਂ ਦੀ ਕਿਸੇ ਕਾਰਵਾਈ ਦੇ ਬਹਿਕਾਵੇ ਵਿਚ ਆਉਣ ਤੋਂ ਗ਼ੁਰੇਜ਼ ਕਰਨ ।