ਝੋਨੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਪਿੰਡ ਲੋਲੇਨੰਗਲ ਵਿਚ ਜਾਗਰੂਕਤਾ ਕੈਂਪ ਦਾ ਆਯੋਜਨ
ਰੋਹਿਤ ਗੁਪਤਾ
ਗੁਰਦਾਸਪੁਰ, 20 ਮਾਰਚ 2025 - ਕਿਸਾਨਾਂ ਨੂੰ ਤਕਨੀਕੀ ਤੌਰ `ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਬਲਾਕ ਗੁਰਦਾਸਪੁਰ ਦੇ ਪਿੰਡ ਲੋਲੈਨੰਗਲ ਵਿਚ ਪਿੰਡ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ।
ਇਸ ਕੈਂਪ ਵਿੱਚ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਦੀ ਜਾਣਕਾਰੀ ਦੇਣ ਦੇ ਨਾਲ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਬਾਰੇ ਆ ਰਹੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਖੇਤੀਬਾੜੀ ਅਫ਼ਸਰ, ਰਜਵੰਤ ਕੌਰ ਫੀਲਡ ਅਫ਼ਸਰ, ਪਰਮਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਕਸ਼ਿਸ਼, ਰਾਜਨ, ਨਵਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ, ਪਰਵੀਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਜ਼ਮੀਨ ਹੇਠਲੇ ਪਾਣੀ ਦੇ ਬਚਾਅ ਲਈ ਅਤੇ ਫ਼ਸਲੀ ਰਹਿੰਦ ਖੁੰਹਦ ਨੂੰ ਨਾਂ ਸਾੜਨ ਬਾਰੇ ਪ੍ਰੇਰਿਤ ਕਰਨ ਲਈ ਨੁੱਕੜ ਨਾਟਕ ਵੀ ਖੇਡਿਆ ਗਿਆ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਸਫਲ ਕਾਸ਼ਤ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ। ਉਨਾਂ ਕਿਹਾ ਕਿ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੁੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨਾਂ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਹਮਲਾ ਨਹੀਂ ਦੇਖਿਆ ਗਿਆ ਜਿਸ ਕਾਰਨ ਕੀਟਨਾਸ਼ਕਾਂ ਦੇ ਛਿੜਕਾਅ ਤੇ ਹੋਣ ਵਾਲੇ ਖਰਚੇ ਦੀ ਵੱਡੇ ਪੱਧਰ ਬੱਚਤ ਹੋਈ ਹੈ। ਉਨਾਂ ਕਿਹਾ ਕਿ ਕਣਕ ਜਾਂ ਸਰੋਂ ਦੀ ਫ਼ਸਲ ਉੱਪਰ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜਰੂਰਤ ਨਹੀਂ ਹੈ ਅਤੇ ਜੇਕਰ ਜ਼ਰੂਰਤ ਹੋਵੇ ਤਾਂ ਹੀ ਛਿੜਕਾਅ ਕੀਤਾ ਜਾਵੇ।
ਉਨਾਂ ਕਿਹਾ ਕਿ ਭਵਿਖ ਦੀਆਂ ਜ਼ਰੂਰਤਾਂ ਅਨੁਸਾਰ ਕਣਕ ਦਾ ਬੀਜ ਖੁਦ ਕੀਤਾ ਜਾਵੇ। ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।
ਗਗਨਦੀਪ ਸਿੰਘ ਨੇ ਕਿਹਾ ਕਿ ਫਸਲੀ ਵਿਭਿੰਨਤਾ ਤਹਿਤ ਮੱਕੀ ਹੇਠ ਰਕਬਾ ਵਧਾਉਣ, ਮਿੱਟੀ ਪਰਖ ਰਿਪੋਰਟ ਅਧਾਰਤ ਖਾਦਾਂ ਦੀ ਵਰਤੋਂ, ਜ਼਼ਮੀਨ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ-ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੁੰ ਪ੍ਰੇਰਿਤ ਕਰਨ ਲਈ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਰੀਖਣ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਪਰਮਜੀਤ ਸਿੰਘ ਸਿੰਘ ਨੇ ਪੀਐੱਮ ਕਿਸਾਨ ਸਕੀਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਨਵਦੀਪ ਕੌਰ ਨੇ ਸਮੂਹ ਕਿਸਾਨਾਂ ਦਾ ਧਨਵਾਦ ਕੀਤਾ। ਰਜਵੰਤ ਕੌਰ ਨੇ ਕਿਸਾਨਾਂ ਨੁੰ ਦਾਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ।