ਜ਼ਿਲ੍ਹਾ ਪ੍ਰਸ਼ਾਸਨ ਮਿਸ਼ਨ ਉਮੀਦ ਤਹਿਤ ਨੌਜਵਾਨਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਦੇਵੇਗਾ ਮੁਫ਼ਤ ਕੋਚਿੰਗ - ਏ.ਡੀ.ਸੀ. ਡਾ. ਬੇਦੀ
ਰੋਹਿਤ ਗੁਪਤਾ
ਗੁਰਦਾਸਪੁਰ, 20 ਮਾਰਚ 2025 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ `ਯੁੱਧ ਨਸ਼ਿਆਂ ਵਿਰੁੱਧ` ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੋਂ ਇਲਾਵਾ ਉਨ੍ਹਾਂ ਲਈ ਰੁਜ਼ਗਾਰ ਦੇ ਵੱਖ-ਵੱਖ ਮੌਕੇ ਉਪਲੱਬਧ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਸਦਕਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਿਸ਼ਨ `ਉਮੀਦ` ਸ਼ੁਰੂ ਕਰਕੇ ਨੌਜਵਾਨਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਇਹ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਵਿਚੋਂ ਪਾਸ ਹੋ ਕੇ ਉੱਚ ਅਹੁਦਿਆਂ ਉੱਪਰ ਪਹੁੰਚ ਕੇ ਆਪਣੇ ਪੈਰਾਂ `ਤੇ ਖੜ੍ਹੇ ਹੋਣ ਅਤੇ ਨਾਲ ਹੀ ਦੇਸ਼ ਤੇ ਸੂਬੇ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਸਬੰਧੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਜਾਂ ਜ਼ਿਲ੍ਹਾ ਗਾਈਡੈਂਸ ਕਾਊਂਲਰ ਅਧਿਆਪਕ ਪਰਮਿੰਦਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।