ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ
- ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
- ਕਿਹਾ, ਪੰਜਾਬ ਦੇਸ਼ ਭਰ ’ਚ ਸਿੱਖਿਆ ਦਾ ਮਾਡਲ ਬਣ ਕੇ ਉੱਭਰ ਰਿਹੈ
- ਸਕੂਲਾਂ ’ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ’ਤੇ ਦਿੱਤਾ ਜ਼ੋਰ
ਜਲੰਧਰ, 20 ਮਾਰਚ 2025: ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਕੈਬਨਿਟ ਮੰਤਰੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸੂਬਾ ਦੇਸ਼ ਭਰ ਵਿੱਚ ਸਿੱਖਿਆ ਦਾ ਮਾਡਲ ਬਣ ਕੇ ਉੱਭਰ ਰਿਹਾ ਹੈ। ਇਸ ਮੌਕੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਵਧੀਕ ਡਿਪਟੀ ਕਮਿਸ਼ਨਰ (ਜ) ਅਪਰਨਾ ਐਮ.ਬੀ. ਵੀ ਮੌਜੂਦ ਸਨ।
ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਪ੍ਰਾਜੈਕਟਰ, ਵਾਈ-ਫਾਈ, ਸਮਾਰਟ ਕਲਾਸ ਰੂਮ, ਲੈਬ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਜਿਥੇ ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਿਆ ਗਿਆ, ਉਥੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਉਪਰਾਲਿਆਂ ਸਦਕਾ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ।
ਭਗਤ ਨੇ ਕਿਹਾ ਕਿ ਇਹ ਦਾਖ਼ਲਾ ਵੈਨ ਤਿੰਨ ਦਿਨ ਜ਼ਿਲ੍ਹੇ ਦੇ 17 ਵਿੱਦਿਅਕ ਬਲਾਕਾਂ ਵਿੱਚ ਜਾ ਕੇ ਲੋਕਾਂ ਨੂੰ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਹੋਏ ਸੁਧਾਰ ਨੂੰ ਘਰ-ਘਰ ਪਹੁੰਚਾਏਗੀ ਅਤੇ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਜਾਗਰੂਕ ਕਰੇਗੀ।
ਭਗਤ ਨੇ ਕਿਹਾ ਕਿ ਸੱਭਿਅਕ ਸਮਾਜ ਦੀ ਸਿਰਜਣਾ ਲਈ ਸਿੱਖਿਆ ਦਾ ਬੜਾ ਅਹਿਮ ਰੋਲ ਹੈ। ਇਸ ਲਈ ਹਰੇਕ ਬੱਚੇ ਦਾ ਸਕੂਲ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਦਾਖ਼ਲਾ ਮੁਹਿੰਮ ਵਿੱਚ ਪੂਰੀ ਸਰਗਰਮ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਸਕੂਲਾਂ ਨੇੜਲੇ ਇਲਾਕਿਆਂ ਵਿੱਚ ਕੋਈ ਅਜਿਹਾ ਬੱਚਾ ਹੈ, ਜੋ ਕਿਸੇ ਕਾਰਨ ਸਕੂਲ ਨਹੀਂ ਜਾਂਦਾ ਤਾਂ ਨਿੱਜੀ ਦਿਲਚਸਪੀ ਲੈਂਦਿਆਂ ਉਸਨੂੰ ਸਕੂਲ ਵਿੱਚ ਦਾਖ਼ਲ ਕਰਵਾਇਆ ਜਾਵੇ।
ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰੋਜ਼ਾਨਾ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਵਿਦਿਆਰਥੀ ਜਾਗਰੂਕਤਾ ਬਹੁਤ ਮਹੱਤਵਪੂਰਣ ਹੈ।
ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁਰੂ ਤੋਂ ਹੀ ਸਿੱਖਿਆ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੱਤੀ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਸਬੰਧੀ ਸਿੱਖਿਆ ਵਿਭਾਗ ਦਾ ਪੋਸਟਰ ਜਾਰੀ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਦਾ ਅਧਿਆਪਕ ਯਾਦਵਿੰਦਰ ਕੌਲ ਵੱਲੋਂ ਗਾਏ ਗੀਤ ‘ਚੱਲੀਏ ਸਕੂਲ ਮਿੱਤਰਾ’ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ’ਤੇ ਚਾਨਣਾ ਪਾਉਂਦੀ ‘ਜਾਗੋ’ ਵੀ ਕੱਢੀ ਗਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਗੁਰਿੰਦਰਜੀਤ ਕੌਰ, ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ, ਡਿਪਟੀ ਡੀ.ਈ.ਓ. (ਸੈਕੰ.) ਰਾਜੀਵ ਜੋਸ਼ੀ, ਡੀ.ਈ.ਓ. (ਐਲੀ.) ਮੁਨੀਸ਼ ਸ਼ਰਮਾ, ਬੀ.ਪੀ.ਈ.ਓ. ਵਿਪਿਨ ਕੁਮਾਰ, ਸੀ.ਐਚ.ਟੀ. ਮਨਜਿੰਦਰ ਕੁਮਾਰ ਤੇ ਸੁਖਵਿੰਦਰ ਸਿੰਘ, ਪ੍ਰਿੰ. ਗੁਰਪ੍ਰੀਤ ਕੌਰ, ਪ੍ਰਿੰ. ਪਰਮਿੰਦਰ ਫਲੋਰਾ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।