ਪੰਜਾਬ ਵਿੱਚ 3000 ਤੋਂ ਵੱਧ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤਾ ਪਾਸ
- ‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਵਿੱਚ 3000 ਤੋਂ ਵੱਧ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤਾ ਪਾਸ ਕਰਨ ਨਾਲ ਮੁਹਿੰਮ ਨੇ ਲੋਕ ਲਹਿਰ ਦਾ ਰੂਪ ਲਿਆ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਸੂਬੇ ਭਰ ਵਿੱਚ ਛਾਪੇਮਾਰੀ ਕਰ ਰਹੀ ਪੰਜਾਬ ਪੁਲਿਸ ਦੇ ਯਤਨਾਂ ਨੂੰ ਬੂਰ ਪਿਆ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
- ਯੁੱਧ ਨਸ਼ਿਆਂ ਵਿਰੁੱਧ ਜਾਰੀ , 20ਵੇਂ ਦਿਨ ਸੂਬੇ ਭਰ ’ਚ 440 ਛਾਪੇਮਾਰੀਆਂ ਤੋਂ ਬਾਅਦ 97 ਨਸ਼ਾ ਤਸਕਰ ਗਿ੍ਰਫਤਾਰ
- ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 58 ਐਫਆਈਆਰ ਦਰਜ, 1.5 ਕਿਲੋ ਹੈਰੋਇਨ, 1.86 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 20 ਮਾਰਚ 2025 - ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ, ਪੰਜਾਬ ਭਰ ਦੀਆਂ 3000 ਤੋਂ ਵੱਧ ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਸ ਕਰਕੇ , ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਇੱਕ ਮਹੱਤਵਪੂਰਨ ਮੋੜ ’ਤੇ ਪਹੁੰਚਾ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਗਈ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਤਬਦੀਲ ਹੋ ਗਈ ਹੈ ਅਤੇ ਸੂਬੇ ਭਰ ਦੇ ਪਿੰਡ ਅਤੇ ਕਸਬੇ ਪੂਰੀ ਸੁਹਿਰਦਤਾ ਤੇ ਸਰਗਰਮੀ ਨਾਲ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ।
ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਵਾਇਦ ਦੇ ਚਲਦਿਆਂ ਪੰਜਾਬ ਪੁਲਿਸ ਨੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ ਤਾਂ ਜੋ ਇਸ ਗੰਭੀਰ ਮੁੱਦੇ ਵਿਰੁੱਧ ਲੜਾਈ ਵਿੱਚ ਆਮ ਲੋਕਾਂ ਦੀ ਅਤਿ-ਲੋੜੀਂਦੀ ਤੇ ਸੁਹਿਰਦ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਸੀਪੀਜ਼/ਐਸਐਸਪੀਜ਼) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਜਿਲਿਆਂ ਵਿੱਚ ਸੰਪਰਕ ਪ੍ਰੋਗਰਾਮ, ਵਿਦਿਆਰਥੀਆਂ ਨਾਲ ਮੀਟਿੰਗਾਂ ਆਦਿ ਸਮੇਤ ਵੱਖ-ਵੱਖ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਨ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਗਠਨਾਂ (ਐਨਜੀਓ), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਕੀਤਾ ਜਾ ਸਕੇ।
ਉਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਜ ਭਰ ਵਿੱਚ 3022 ਪੰਚਾਇਤਾਂ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿਠਣ , ਮੁੜ ਵਸੇਬੇ ਦੇ ਯਤਨਾਂ ਦਾ ਸਮਰਥਨ ਕਰਨ ਅਤੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਮਜਬੂਤ ਪੁਲਿਸ-ਜਨਤਕ ਭਾਈਵਾਲੀ ਦਾ ਸਬੂਤ ਦਿੰਦਿਆਂ ਮਤੇ ਪਾਸ ਕੀਤੇ ਹਨ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਭਾਰੀ ਜਨਤਕ ਸਮਰਥਨ ਨੇ ਸੂਬੇ ਭਰ ਵਿੱਚ ਮੁਸਤੈਦੀ ਨਾਲ ਛਾਪੇਮਾਰੀ ਕਰ ਰਹੀ ਪੰਜਾਬ ਪੁਲਿਸ ਦੇ ਯਤਨਾਂ ਨੂੰ ਮਜਬੂਤੀ ਦਿੱਤੀ ਹੈ।
ਉਨਾਂ ਕਿਹਾ ਕਿ ਵੀਰਵਾਰ ਨੂੰ 97 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ 1.5 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 2 ਕਿਲੋ ਗਾਂਜਾ ਅਤੇ 1.86 ਲੱਖ ਰੁਪਏ ਡਰੱਗ ਮਨੀ ਜ਼ਬਤ ਕੀਤੀ ਗਈ । ਪਿਛਲੇ 20 ਦਿਨਾਂ ਦੌਰਾਨ, ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 2463 ਤੱਕ ਪਹੁੰਚ ਗਈ ਹੈ, ਜੋ ਕਿ ਡਰੱਗ ਨੈੱਟਵਰਕ ’ਤੇ ਨਕੇਲ ਕੱਸਣ ਸਬੰਧੀ ਕਾਰਵਾਈ ਨੂੰ ਦਰਸਾਉਂਦੀ ਹੈ।
ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 440 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 58 ਐਫਆਈਆਰ ਦਰਜ ਕੀਤੀਆਂ ਗਈਆਂ । ਉਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 478 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।
ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਂਸ਼ਨ - ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਸੱਤ ਵਿਅਕਤੀਆਂ ਦਾ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ । ਜਦੋਂ ਕਿ, ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 103 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਛੇ ਜਿਲਿਆਂ - ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਜਲੰਧਰ ਦਿਹਾਤੀ, ਕਮਿਸ਼ਨਰੇਟ ਜਲੰਧਰ, ਕਪੂਰਥਲਾ ਅਤੇ ਰੂਪਨਗਰ - ਦੀਆਂ ਵੱਖ-ਵੱਖ ਜੇਲਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ । ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਕੋਨੇ-ਕੋਨੇ ਦੀ ਚੰਗੀ ਤਰਾਂ ਤਲਾਸ਼ੀ ਲਈ ਹੈ।’’