ਜਲਾਲਾਬਾਦ ਦੀ ਅਨਾਜ ਮੰਡੀ ਸ਼ਹਿਰ ਤੋਂ ਬਾਹਰ ਹੋਵੇਗੀ ਤਬਦੀਲ
ਜਲਾਲਾਬਾਦ 21 ਮਾਰਚ 2025 - ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਪ੍ਰਸ਼ਨ ਕਾਲ ਦੌਰਾਨ ਜਲਾਲਾਬਾਦ ਦੀ ਅਨਾਜ ਮੰਡੀ ਦਾ ਮੁੱਦਾ ਵਿਧਾਨ ਸਭਾ ਵਿੱਚ ਰੱਖਿਆ । ਉਨਾਂ ਨੇ ਕਿਹਾ ਕਿ ਜਲਾਲਾਬਾਦ ਦੀ ਅਨਾਜ ਮੰਡੀ ਸ਼ਹਿਰ ਵਿੱਚ ਹੋਣ ਕਾਰਨ ਇੱਥੇ ਟਰੈਫਿਕ ਦੀ ਵੱਡੀ ਸਮੱਸਿਆ ਆਉਂਦੀ ਹੈ । ਇਸ ਤੋਂ ਬਿਨਾਂ ਇਲਾਕੇ ਵਿੱਚ ਅਨਾਜ ਉਤਪਾਦਨ ਸਿਖਰ ਤੇ ਹੋਣ ਕਾਰਨ ਮੰਡੀ ਛੋਟੀ ਵੀ ਹੈ ਅਤੇ ਕਣਕ ਅਤੇ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਵਿੱਚ ਅਨਾਜ ਦੇ ਅੰਬਾਰ ਲੱਗ ਜਾਂਦੇ ਹਨ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਫਸਲ ਵੇਚਣ ਵਿੱਚ ਦਿੱਕਤ ਆਉਂਦੀ ਹੈ। ਇਸ ਲਈ ਉਹਨਾਂ ਨੇ ਮੁੱਦਾ ਉਠਾਇਆ ਸੀ ਕਿ ਇਸ ਮੰਡੀ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇ ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਸੈਸ਼ਨ ਦੌਰਾਨ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਹਾਮੀ ਭਰੀ ਹੈ ਕਿ ਮੰਡੀ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਲਈ ਜਗ੍ਹਾ ਦੀ ਚੋਣ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨਾਂ ਨੇ ਕਿਹਾ ਕਿ ਜਲਦੀ ਹੀ ਸ਼ਹਿਰ ਤੋਂ ਬਾਹਰ ਯੋਗ ਜਗ੍ਹਾ ਦੀ ਚੋਣ ਕਰਕੇ ਮੰਡੀ ਨੂੰ ਨਵੇਂ ਥਾਂ ਤੇ ਤਬਦੀਲ ਕੀਤਾ ਜਾਵੇਗਾ।। ਉਨਾਂ ਨੇ ਇਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਦਾ ਧੰਨਵਾਦ ਵੀ ਕੀਤਾ। ਉਹਨਾਂ ਨੇ ਕਿਹਾ ਕਿ ਨਵੇਂ ਥਾਂ ਤੇ ਮੰਡੀ ਬਣਨ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਸਹੂਲਤ ਹੋਵੇਗੀ ਉੱਥੇ ਹੀ ਸ਼ਹਿਰ ਵਿੱਚੋਂ ਟਰੈਫਿਕ ਸਮੱਸਿਆ ਦਾ ਵੀ ਸਥਾਈ ਹੱਲ ਹੋ ਜਾਵੇਗਾ।