ਸਰਕਾਰ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਵਚਨਬੱਧ: ਡਾ. ਰਵਜੋਤ ਸਿੰਘ
- ਕੈਬਨਿਟ ਮੰਤਰੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਟ
- ਕਿਹਾ, ਲੋਹੀਆਂ ਖਾਸ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪ੍ਰੋਜੈਕਟਾਂ ਲਈ ਖਰਚੇ ਜਾਣਗੇ 50 ਕਰੋੜ ਰੁਪਏ
- ‘ਅਦਾਕਾਰ ਮੰਚ ਮੋਹਾਲੀ’ ਵਲੋਂ ਪੰਜਾਬੀ ਨਾਟਕ ‘ਧਨੁ ਲੇਖਾਰੀ ਨਾਨਕਾ’ ਦਾ ਸਫ਼ਲ ਮੰਚਨ
- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਜ਼ਾਦੀ ਸੰਗਰਾਮ 'ਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦੈ : ਸੰਤ ਬਲਬੀਰ ਸਿੰਘ ਸੀਚੇਵਾਲ
ਲੋਹੀਆਂ ਖਾਸ/ਜਲੰਧਰ, 23 ਮਾਰਚ 2025 - ਸਰਕਾਰ ਵਲੋਂ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਮੇਸ਼ ਪਾਰਕ, ਲੋਹੀਆਂ ਖਾਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ।
ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਜੀ ਦੇ ਸੁਪਨਿਆਂ ਵਾਲਾ ਪੰਜਾਬ ਸਿਰਜ ਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਵਲੋਂ ਲਏ ਗਏ ਸੁਪਨਿਆਂ ਨੂੰ ਪੂਰਾ ਕਰਨ ਦੀ ਸ਼ੁਰੂਆਤ ਵੀ ਖਟਕੜ ਕਲਾਂ ਤੋਂ ਸਹੁੰ ਚੁੱਕਣ ਉਪਰੰਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਲੋਹੀਆ ਖਾਸ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਦੇ ਪ੍ਰੋਜੈਕਟਾਂ ਲਈ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਹੀਆਂ ਖਾਸ ਇਲਾਕੇ ਵਿੱਚ 3 ਐਮ.ਐਲ.ਡੀ. ਸਮਰਥਾ ਵਾਲਾ ਵਾਟਰ ਟਰੀਟਮੈਂਟ ਪਲਾਂਟ ਅਤੇ 3 ਐਮ.ਐਲ.ਡੀ.ਸਮਰਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ।
ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰ ਵਲੋਂ ਜਿੱਥੇ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ ਤੇ ਬੱਚਿਆਂ ਅਤੇ ਦਿਵਿਆਂਗਨਾਂ ਨੂੰ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ ’ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 118 ਨਵੇਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੋਰ ਵੀ ਨਵੀਨਤਮ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਤਹਿਤ ਅਧਿਆਪਕਾਂ ਨੂੰ ਸਿੰਗਾਪੁਰ ਤੇ ਫ਼ਿਨਲੈਂਡ ਤੋਂ ਸਿਖਲਾਈ ਵੀ ਪ੍ਰਦਾਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਜੀਰੋ ਆਇਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 3 ਕਰੋੜ ਲੋਕ ਮੁਫ਼ਤ ਇਲਾਜ ਤੇ ਦਵਾਈਆਂ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਨਾਗਰਿਕ ਸੇਵਾਵਾਂ ਘਰਾਂ ਦੀਆਂ ਬਰੂਹਾਂ ’ਤੇ ਮੁਹੱਈਆ ਕਰਵਾਉਣ ਲਈ ਡੋਰ ਸਟੈਪ ਡਿਲੀਵਰੀ ਸੇਵਾ ਤਹਿਤ ਸਰਕਾਰੀ ਸੇਵਾਵਾਂ ਦਾ ਲਾਭ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਉਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਲੋਂ ਦਿੱਤੀ ਗਈ ਸ਼ਹਾਦਤ ਹਮੇਸ਼ਾਂ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ।
ਇਸ ਮੌਕੇ ਚੇਅਰਮੈਨ ਫੂਡ ਕਮਿਸ਼ਨ, ਪੰਜਾਬ ਬਾਲ ਮੁਕੰਦ ਸ਼ਰਮਾ ਦੇ ਵਿਸ਼ੇਸ਼ ਉਪਰਾਲੇ ਸਦਕਾ ‘ਅਦਾਕਾਰ ਮੰਚ ਮੋਹਾਲੀ’ ਵਲੋਂ ਪੰਜਾਬੀ ਨਾਟਕ ‘ਧਨੁ ਲੇਖਾਰੀ ਨਾਨਕਾ’ ਦਾ ਸਫ਼ਲ ਮੰਚਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਕਾਇਦਾ-ਏ-ਨੂਰ ਕਿਤਾਬ ਵੀ ਜਾਰੀ ਕੀਤੀ ਗਈ।
ਇਸ ਮੌਕੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬਸੀ, ਆਪ ਆਗੂ ਪਿੰਦਰ ਪੰਡੋਰੀ ਤੋਂ ਇਲਾਵਾ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।