ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਨੂੰ ਰਿਹਾਅ ਕਰਨ ਦਾ ਫੈਸਲਾ
- 800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ ਅਤੇ 450 ਹੋਰ ਅੱਜ ਕਰ ਦਿੱਤੇ ਜਾਣਗੇ ਰਿਹਾਅ: ਆਈਜੀਪੀ ਸੁਖਚੈਨ ਸਿੰਘ ਗਿੱਲ
- ਪਟਿਆਲਾ ਪੁਲਿਸ ਨੇ ਕਿਸਾਨਾਂ ਦੇ ਸਾਮਾਨ ਸੰਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਐਸ.ਪੀ. ਜਸਬੀਰ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ; ਨੋਡਲ ਅਧਿਕਾਰੀ ਤੱਕ ਪਹੁੰਚਣ ਲਈ 90713-00002 ‘ਤੇ ਕਾਲ ਕਰ ਸਕਦੇ ਹਨ ਕਿਸਾਨ
ਚੰਡੀਗੜ, 24 ਮਾਰਚ:
ਕਿਸਾਨਾਂ ਪ੍ਰਤੀ ਸੁਹਿਰਦ ਤੇ ਵਿਚਾਰਸ਼ੀਲ ਪਹੁੰਚ ਅਪਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਗਭਗ 800 ਕਿਸਾਨ ਪੁਲਿਸ ਹਿਰਾਸਤ ਚੋਂ ਰਿਹਾਅ ਕੀਤੇ ਜਾ ਚੁੱਕੇ ਹਨ।
ਉਨਾਂ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ, “ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕਿਤਾ ਜਾ ਰਿਹਾ ਹੈ।"
ਕਿਸਾਨਾਂ ਦੀ ਉਨਾਂ ਦੇ ਸਮਾਨ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਸੇ ਨੂੰ ਵੀ ਕਿਸਾਨਾਂ ਦੇ ਸਮਾਨ ਦੀ ਲੁੱਟ-ਕਸੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ,“ਕਿਸਾਨਾਂ ਦੀ ਉਨਾਂ ਦੇ ਮਾਲ-ਅਸਬਾਬ ਪ੍ਰਤੀ ਫਿਕਰੰਮਦੀ ਨੂੰ ਦੂਰ ਕਰਨ ਲਈ, ਪਟਿਆਲਾ ਜਿਲਾ ਪੁਲਿਸ ਨੇ ਐਸ.ਪੀ-ਰੈਂਕ ਦੇ ਅਧਿਕਾਰੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਆਪਣੀ ਸੰਪਤੀ ਨਾਲ ਸਬੰਧਤ ਸਮੱਸਿਆਵਾਂ ਲਈ ਕਿਸਾਨ ਤੁਰੰਤ ਸਹਾਇਤਾ ਲਈ ਸਿੱਧੇ ਐਸਪੀ ਜਸਬੀਰ ਸਿੰਘ ਨਾਲ ਮੋਬਾਈਲ ਨੰਬਰ 90713-00002 ‘ਤੇ ਸੰਪਰਕ ਕਰ ਸਕਦੇ ਹਨ।“
ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਇਸ ਸਬੰਧ ਵਿੱਚ ਤਿੰਨ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।